ਗੁਰਦਾਸਪੁਰ, 23 ਸਤੰਬਰ (ਹਿੰ.ਸ.)। ਐਸਡੀਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ ਵੱਲੋਂ ਅੱਜ ਆਪਣੇ ਦਫਤਰ ਵਿੱਚ ਖੇਤੀਬਾੜੀ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਪਹਿਲਾਂ ਹੀ ਇੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨੂੰ ਕਾਮਯਾਬ ਕਰਨ ਲਈ ਹਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਆਪਣਾ ਯੋਗਦਾਨ ਪਾਵੇ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਅੱਗ ਨਾ ਲਗਾਉਣ ਦੇ ਫਾਇਦਿਆਂ ਬਾਰੇ ਦੱਸਿਆ ਜਾਵੇ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਸਾਡਾ ਵਾਤਾਵਰਨ ਦੂਸ਼ਤ ਹੁੰਦਾ ਹੈ ਉੱਥੇ ਸਾਡੀ ਜਮੀਨ ਦੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ।
ਉਹਨਾਂ ਕਿਹਾ ਕਿ ਜਿਹੜੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਅੱਗ ਨਹੀਂ ਲਗਾ ਰਹੇ ਹਨ ਉਹਨਾਂ ਤਜਰਬੇ ਹੋਰ ਕਿਸਾਨਾਂ ਨਾਲ ਸਾਂਝੇ ਕੀਤੇ ਜਾਣ ਤਾਂ ਜੋ ਕਿਸਾਨ ਉਹਨਾਂ ਤੋਂ ਪ੍ਰੇਰਨਾ ਲੈ ਸਕਣ। ਐਸਡੀਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ ਨੇ ਅੱਗੇ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਹਨਾਂ ਨੂੰ ਜਿਲਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ