ਪਟਨਾ, 24 ਸਤੰਬਰ (ਹਿੰ.ਸ.)। ਕਾਂਗਰਸ ਵੱਲੋਂ ਪਹਿਲਾਂ ਐਲਾਨੀ ਗਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਬੁੱਧਵਾਰ ਨੂੰ ਪਟਨਾ ਵਿੱਚ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ ਵਿੱਚ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਪਾਰਟੀ ਦੇ ਕਈ ਸੀਨੀਅਰ ਨੇਤਾ ਸ਼ਾਮਲ ਹਨ।
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸਦਾਕਤ ਆਸ਼ਰਮ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਸੀਡਬਲਯੂਸੀ ਆਗੂ ਸ਼ਾਮਲ ਹਨ। ਹਾਲਾਂਕਿ, ਸਾਬਕਾ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।
ਮੀਟਿੰਗ ’ਚ ਉਨ੍ਹਾਂ ਰਾਜਾਂ ਦੇ ਮੁੱਖ ਮੰਤਰੀ, ਸਾਬਕਾ ਮੁੱਖ ਮੰਤਰੀ, ਸੂਬਾ ਪ੍ਰਧਾਨ ਅਤੇ ਕਈ ਸਾਬਕਾ ਕੇਂਦਰੀ ਮੰਤਰੀ ਵੀ ਮੌਜੂਦ ਹਨ, ਜਿੱਥੇ ਕਾਂਗਰਸ ਦੀ ਸਰਕਾਰ ਹੈ।
ਮੀਟਿੰਗ ’ਚ ਲਏ ਜਾਣਗੇ ਇਹ ਮਹੱਤਵਪੂਰਨ ਫੈਸਲੇ :
ਬਿਹਾਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਲਈ, ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ’ਚ ਬਿਹਾਰ ਨਾਲ ਸਬੰਧਤ ਕਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ, ਜਿਸ ਵਿੱਚ ਸਿੱਖਿਆ, ਬੇਰੁਜ਼ਗਾਰੀ, ਪ੍ਰਵਾਸ ਅਤੇ ਔਰਤਾਂ ਲਈ ਯੋਜਨਾਵਾਂ ਨਾਲ ਸਬੰਧਤ ਮਹੱਤਵਪੂਰਨ ਫੈਸਲੇ ਵੀ ਸ਼ਾਮਲ ਹਨ। ਮੀਟਿੰਗ ਤੋਂ ਬਾਅਦ ਵਿਸ਼ੇਸ਼ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ।
ਮੈਨੀਫੈਸਟੋ ਜਾਰੀ ਕਰਨ ਦੌਰਾਨ ਮਹਾਂਗਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ, ਜਿਨ੍ਹਾਂ ’ਚ ਤੇਜਸਵੀ ਯਾਦਵ ਅਤੇ ਮੁਕੇਸ਼ ਸਾਹਨੀ ਸ਼ਾਮਲ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ