ਬਟਾਲਾ, 24 ਸਤੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਪੂਰਨ ਸਹਿਯੋਗ ਦੇ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਹੋ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਕੋਟਲਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਹੁੰ ਵੀ ਚੁਕਾਈ ਗਈ।
ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਪੂਰ ਸਫਲਤਾ ਮਿਲ ਰਹੀ ਹੈ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ, ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਸਾਥ ਨਾ ਦਿੱਤਾ ਜਾਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਾਮੁਰਾਦ ਬਿਮਾਰੀ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ