ਕੋਈ ਵੀ ਯੋਗ ਵਿਅਕਤੀ ਰਾਸ਼ਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ : ਕੈਬਨਿਟ ਮੰਤਰੀ
ਜਲੰਧਰ , 24 ਸਤੰਬਰ (ਹਿੰ.ਸ.)| ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਰਕਟ ਹਾਊਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨਾਲ ਇਕ ਅਹਿਮ ਮੀਟਿੰਗ ਦੌਰਾਨ ਸਖ਼ਤ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਯੋਗ ਵਿਅਕਤੀ ਰਾਸ਼ਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ
ਕੋਈ ਵੀ ਯੋਗ ਵਿਅਕਤੀ ਰਾਸ਼ਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ : ਕੈਬਨਿਟ ਮੰਤਰੀ


ਜਲੰਧਰ , 24 ਸਤੰਬਰ (ਹਿੰ.ਸ.)|

ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਰਕਟ ਹਾਊਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨਾਲ ਇਕ ਅਹਿਮ ਮੀਟਿੰਗ ਦੌਰਾਨ ਸਖ਼ਤ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਯੋਗ ਵਿਅਕਤੀ ਰਾਸ਼ਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਜਾ ਕੇ ਪਾਰਦਰਸ਼ੀ ਢੰਗ ਨਾਲ ਰਾਸ਼ਨ ਕਾਰਡਾਂ ਦੀ ਈ.ਕੇ.ਵਾਈ.ਸੀ.ਵਿੱਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ (ਈ.ਕੇ.ਵਾਈ.ਸੀ.) ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਰਾਸ਼ਨ ਦੀ ਸਹੂਲਤ ਤੋਂ ਵਾਂਝਾ ਨਾ ਰਹੇ, ਬਲਕਿ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਹਰ ਯੋਗ ਵਿਅਕਤੀ ਨੂੰ ਲਾਭ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਹਰੇਕ ਵਰਗ ਨੂੰ ਸਹੂਲਤਾਂ ਪਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਫੂਡ ਇੰਸਪੈਕਟਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਡਿਪੂ ਹੋਲਡਰਾਂ ਨਾਲ ਤਾਲਮੇਲ ਕਰਕੇ ਇਸ ਕਾਰਜ ਨੂੰ ਸਮੇਂ-ਸਿਰ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਫਾਇਦਾ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ ਵੈਰੀਫਿਕੇਸ਼ਨ ਦੌਰਾਨ ਲੋਕ ਨੁਮਾਇੰਦਿਆਂ ਦਾ ਸਹਿਯੋਗ ਵੀ ਲਿਆ ਜਾਵੇ, ਤਾਂ ਜੋ ਯੋਗ ਵਿਅਕਤੀ ਰਾਸ਼ਨ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਵਿਧਾਨ ਸਭਾ ਹਲਕਾ ਵਾਈਜ਼ ਈ.ਕੇ.ਵਾਈ.ਸੀ.ਕਰਨ ਲਈ ਵੀ ਕਿਹਾ। ਸ਼੍ਰੀ ਭਗਤ ਨੇ ਕਿਹਾ ਕਿ ਇਸ ਮਹੱਤਵਪੂਰਨ ਕਾਰਜ ਨੂੰ ਮਿਸ਼ਨ ਮੋਡ ’ਤੇ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਪਾਰਦਰਸ਼ੀ ਢੰਗ ਨਾਲ ਮੁਫ਼ਤ ਕਣਕ ਦੀ ਵੰਡ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਆਪ ਦੇ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਡੀ.ਐਫ.ਐਸ.ਸੀ. ਹਰਵੀਨ ਕੌਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦਾ ਸਟਾਫ਼ ਵੀ ਹਾਜ਼ਰ ਸੀ।

-----------

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande