ਨਵੀਂ ਦਿੱਲੀ, 24 ਸਤੰਬਰ (ਹਿੰ.ਸ.)। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਖੋਜ ਅਤੇ ਵਿਕਾਸ ਦੇ ਖੇਤਰ ’ਚ ਨਵੀਨਤਾ ਅਤੇ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕੁੱਲ 2,277.397 ਕਰੋੜ ਰੁਪਏ ਦੇ ਖਰਚ ਦੇ ਨਾਲ ਵਿਗਿਆਨਕ ਅਤੇ ਉਦਯੋਗਿਕ ਖੋਜ ਵਿਭਾਗ/ਵਿਗਿਆਨਕ ਅਤੇ ਉਦਯੋਗਿਕ ਖੋਜ ਪ੍ਰੀਸ਼ਦ (ਡੀਐਸਆਈਆਰ/ਸੀਐਸਆਈਆਰ) ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਮੀਟਿੰਗ ਤੋਂ ਬਾਅਦ, ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਰਾਸ਼ਟਰੀ ਮੀਡੀਆ ਸੈਂਟਰ ਵਿਖੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਮਰੱਥਾ ਨਿਰਮਾਣ ਅਤੇ ਮਨੁੱਖੀ ਸਰੋਤ ਵਿਕਾਸ ਨਾਮਕ ਯੋਜਨਾ ਨੂੰ 15ਵੇਂ ਵਿੱਤ ਕਮਿਸ਼ਨ ਚੱਕਰ 2021-22 ਤੋਂ 2025-26 ਤੱਕ ਦੀ ਮਿਆਦ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਯੋਜਨਾ ਸੀਐਸਆਈਆਰ ਵੱਲੋਂ ਲਾਗੂ ਕੀਤੀ ਜਾ ਰਹੀ ਹੈ।
ਵੈਸ਼ਨਵ ਨੇ ਦੱਸਿਆ ਕਿ ਇਹ ਯੋਜਨਾ ਦੇਸ਼ ਭਰ ਦੀਆਂ ਸਾਰੀਆਂ ਖੋਜ ਅਤੇ ਵਿਕਾਸ ਸੰਸਥਾਵਾਂ, ਰਾਸ਼ਟਰੀ ਪ੍ਰਯੋਗਸ਼ਾਲਾਵਾਂ, ਰਾਸ਼ਟਰੀ ਮਹੱਤਵ ਵਾਲੀਆਂ ਸੰਸਥਾਵਾਂ, ਪ੍ਰਤਿਸ਼ਠਾਵਾਨ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੂੰ ਕਵਰ ਕਰੇਗੀ। ਇਹ ਪਹਿਲ ਯੂਨੀਵਰਸਿਟੀਆਂ, ਉਦਯੋਗ, ਰਾਸ਼ਟਰੀ ਖੋਜ ਅਤੇ ਵਿਕਾਸ ਪ੍ਰਯੋਗਸ਼ਾਲਾਵਾਂ ਅਤੇ ਅਕਾਦਮਿਕ ਸੰਸਥਾਵਾਂ ਵਿੱਚ ਕਰੀਅਰ ਬਣਾਉਣ ਦੀ ਇੱਛਾ ਰੱਖਣ ਵਾਲੇ ਨੌਜਵਾਨ, ਉਤਸ਼ਾਹੀ ਖੋਜਕਰਤਾਵਾਂ ਲਈ ਇੱਕ ਵਿਸ਼ਾਲ ਪਲੇਟਫਾਰਮ ਪ੍ਰਦਾਨ ਕਰਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਉੱਘੇ ਵਿਗਿਆਨੀਆਂ ਅਤੇ ਪ੍ਰੋਫੈਸਰਾਂ ਦੀ ਅਗਵਾਈ ਹੇਠ ਇਹ ਯੋਜਨਾ ਵਿਗਿਆਨ, ਤਕਨਾਲੋਜੀ ਅਤੇ ਇੰਜੀਨੀਅਰਿੰਗ, ਮੈਡੀਕਲ ਅਤੇ ਗਣਿਤ ਵਿਗਿਆਨ ਦੇ ਵਿਕਾਸ ਨੂੰ ਉਤਸ਼ਾਹਿਤ ਕਰੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ