ਬਟਾਲਾ, 25 ਸਤੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ, ਕਸਬਿਆਂ ਤੇ ਸ਼ਹਿਰੀ ਖੇਤਰ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਬਟਾਲਾ ਸ਼ਹਿਰ ਦੀ ਵਾਰਡ ਨੰਬਰ 30 ਵਿਖੇ ‘ਨਸ਼ਾ ਮੁਕਤੀ ਯਾਤਰਾ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਚੇਅਰਮੈਨ ਮਾਨਿਕ ਮਹਿਤਾ ਅਤੇ ਜ਼ਿਲ੍ਹਾ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਨੇ ਵਾਰਡ ਵਾਸੀਆਂ ਨਾਲ ਮਿਲ ਕੇ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।
ਇਸ ਮੌਕੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਨਸ਼ਾ ਵਿਰੋਧੀ ਮੁਹਿੰਮ ਤੱਲ ਰਹੀ ਹੈ ਅਤੇ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ