ਕਿਸਾਨ ਵਾਤਾਵਰਣ ਨੂੰ ਹਰਿਆ–ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਅਹਿਮ ਭੂਮਿਕਾ ਨਿਭਾਉਣ
ਬਲਾਚੌਰ, 25 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਨੇੜਲੇ ਪਿੰਡ ਟੌਂਸਾ ਵਿਖੇ ਕਿਸਾਨ ਚੇਤਨਾ ਕੈਪ ਲਾ ਕੇ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ, ਹਰਿਆ ਭ
.


ਬਲਾਚੌਰ, 25 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਨੇੜਲੇ ਪਿੰਡ ਟੌਂਸਾ ਵਿਖੇ ਕਿਸਾਨ ਚੇਤਨਾ ਕੈਪ ਲਾ ਕੇ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਤਾਕੀਦ ਕੀਤੀ ਗਈ।

ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਖੇਤੀਬਾੜੀ ਅਫਸਰ ਡਾ. ਸੁਰਿੰਦਰ ਕੁਮਾਰ ਨੇ ਕਿਸਾਨਾਂ ਨੂੰ ਪਿੰਡ ਟੌਂਸਾ ਵਿਖੇ ਫਸਲਾਂ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਅਤੇ ਕੁਦਰਤੀ ਖੇਤੀ ਮਿਸ਼ਨ ਤਹਿਤ ਅਹਿਮ ਜਾਣਕਾਰੀਆਂ ਦਿੰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਲਈ ਲੋੜੀਂਦੀ ਗਿਣਤੀ ਵਿੱਚ ਮਸ਼ੀਨਾਂ ਉਪਲਬੱਧ ਕਰਵਾਈਆਂ ਗਈਆਂ ਹਨ ਜਿਨ੍ਹਾਂ ਤੋਂ ਕਿਸਾਨਾਂ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਨੇਪਰੇ ਚੜਾਉਣ ਲਈ ਕਿਸਾਨਾਂ ਦੇ ਨਾਲ–ਨਾਲ ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ, ਧਾਰਮਿਕ ਸੰਸਥਾਵਾਂ, ਸਕੂਲਾਂ ਦੇ ਵਿਦਿਆਰਥੀਆਂ ਨੂੰ ਅੱਗੇ ਆ ਕੇ ਵਾਤਾਵਰਨ ਨੂੰ ਬਚਾਉਣ ਦੀ ਅਲਖ ਜਗਾਉਣ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਉੱਤਰੀ ਭਾਰਤ ਖਾਸ ਕਰਕੇ ਪੰਜਾਬ ਵਿੱਚ ਅਕਤੂਬਰ-ਨਵੰਬਰ ਮਹੀਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਨਾਲ ਪੈਦਾ ਹੋਇਆ ਧੂੰਆਂ ਅਤੇ ਕਾਰਬਨ ਦੇ ਅੱਧ ਜਲੇ ਬਰੀਕ ਕਣ, ਵਾਤਾਵਰਨ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੇ ਹਨ, ਜਿਸ ਕਰਕੇ ਸਾਹ ਲੈਣ ਵਿੱਚ ਮੁਸ਼ਕਿਲ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਸ ਮਾੜੇ ਰੁਝਾਨ ਨੂੰ ਛੱਡ ਕੇ ਵਾਤਾਵਰਣ, ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਬਚਾਉਣ ਲਈ ਆਧੁਨਿਕ ਮਸ਼ੀਨੀਕਰਨ ਅਪਨਾਉਣਾ ਚਾਹੀਦਾ ਹੈ।

ਖੇਤੀਬਾੜੀ ਵਿਕਾਸ ਅਫਸਰ ਡਾ. ਜਗਮਨਦੀਪ ਕੌਰ ਨੇ ਕਿਹਾ ਕਿ ਕਿਸਾਨ ਵੀਰ ਚੰਗੇ ਝਾੜ ਲਈ ਸਿਫਾਰਸ਼ ਕਿਸਮਾਂ ਹੀ ਬੀਜਣ ਅਤੇ ਇਕੋ ਕਿਸਮ ਹੇਠ ਸਾਰਾ ਰਕਬਾ ਨਾ ਲਿਆਉਣ। ਉਨਾਂ ਕਿਹਾ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ, ਜੀਵਾਣੂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਨ।ਲੋੜ ਮੁਤਾਬਿਕ ਨਿੰਮ ਲਿਪਤ ਯੂਰੀਆ ਅਤੇ ਡੀ.ਏ.ਪੀ ਖਾਦ ਦੀ ਵਰਤੋਂ ਕਰਨ। ਖੇਤੀਬਾੜੀ ਵਿਸਥਾਰ ਅਫਸਰ ਰਾਜ ਕੁਮਾਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਬਿਨਾ ਜਲਾਏ ਅਤੇ ਖੇਤ ਨੂੰ ਬਿਨਾ ਵਾਹੇ ਕਣਕ ਦੀ ਸੁਪਰਸੀਡਰ ਮਸ਼ੀਨ ਨਾਲ ਸਿੱਧੀ ਬਿਜਾਈ ਕਰ ਸਕਦੇ ਹਨ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਨੂੰ ਸੁਪਰ ਸਟਰਾਅ ਮੈਨਜਮੈਂਟ ਸਿਸਟਮ(ਐਸ ਐਮ ਐਸ) ਵਾਲੀ ਕੰਬਾਇਨ ਮਸ਼ੀਨਾਂ ਨਾਲ ਹੀ ਕਟਾਈ ਕਰਵਾਉਣ ਜੋ ਕਿ ਝੋਨਾ ਵੱਢਦੇ ਸਮੇਂ ਪਰਾਲੀ ਨੂੰ ਕੁਤਰਾ ਕਰਕੇ ਇਕਸਾਰ ਖਿਲਾਰ ਦਿੰਦੀ ਹੈ ਅਤੇ ਇਸ ਤਰਾਂ ਦੀ ਕੰਬਾਇਨ ਨਾਲ ਵਾਢੀ ਤੋਂ ਬਾਅਦ ਹੈਪੀਸੀਡਰ ਅਤੇ ਖੁੱਲੀਆਂ ਕਤਾਰਾਂ ਵਾਲੀ ਜੀਰੋ ਟਿੱਲ ਡਰਿੱਲ ਨਾਲ ਕਣਕ ਦੀ ਬਿਜਾਈ ਨਾੜ ਨੂੰ ਬਿਨਾ ਅੱਗ ਲਗਾਏ ਹੋ ਸਕਦੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande