ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਹਿੰ.ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਨਾਲ ਨੁਕਸਾਨ ਦੀ ਸੰਭਾਵਨਾ ਬਣੀ ਰਹਿੰਦੀ ਹੈ, ਝੋਨੇ ਦੀ ਕਟਾਈ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਨ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ।
ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਜੀਵਕ ਮਾਦਾ ਜੋ ਕਿ ਜ਼ਮੀਨ ਦੀ ਸਿਹਤ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਨ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਅਤੇ ਅੱਗ ਲਗਾਉਣ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਅੱਗ ਲਗਾਉਣ ਨਾਲ ਵਾਤਾਵਰਣ ਵੀ ਗੰਧਲਾ ਹੁੰਦਾ ਹੈ ਅਤੇ ਆਵਾਜਾਈ ਵਿੱਚ ਵਿਘਨ ਵੀ ਪੈਦਾ ਹੈ।
ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ