ਜਲੰਧਰ , 26 ਸਤੰਬਰ (ਹਿੰ.ਸ.)|
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਨੂਰਮਹਿਲ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਐਸ.ਟੀ.ਪੀ. ਦੀ ਰਾਈਜ਼ਿੰਗ ਮੇਨ ਅਤੇ ਸੀਵਰੇਜ ਮਿਸਿੰਗ ਲਾਈਨਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਨਗਰ ਕੌਂਸਲ ਨੂਰਮਹਿਲ ਅਤੇ ਗ੍ਰੇਟਰ ਲੁਧਿਆਣਾ ਡਿਵੈਪਲਮੈਂਟ ਅਥਾਰਟੀ (ਗਲਾਡਾ) ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੀਵਰੇਜ ਰਾਈਜ਼ਿੰਗ ਮੇਨ ਪਾਈਪ ਤੇ ਮਿਸਿੰਗ ਲਾਈਨਾਂ ਦੇ ਕੰਮ ਦੀ ਤਾਜ਼ਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਗਲਾਡਾ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਹਿੱਤ ਦੇ ਮੱਦੇਨਜ਼ਰ ਰਾਈਜ਼ਿੰਗ ਮੇਨ ਦੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸੀਵਰੇਜ ਮਿਸਿੰਗ ਲਾਈਨਾਂ ਦੇ ਕੰਮ ਸਬੰਧੀ ਲਿਖਤੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਨੂੰ ਸਵੱਛ ਆਲਾ-ਦੁਆਲਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੇ ਪਾਣੀ ਦੀ ਢੁੱਕਵੀਂ ਨਿਕਾਸੀ ਲਈ ਇਹ ਪ੍ਰਾਜੈਕਟ ਬਹੁਤ ਅਹਿਮ ਹੈ, ਜਿਸ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।ਇਸ ਪ੍ਰਾਜੈਕਟ ਨੂੰ ਜਲਦ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਾਰਜ ਵਿੱਚ ਜੇਕਰ ਕਿਤੇ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਤਾਂ ਜੋ ਉਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।ਮੀਟਿੰਗ ਵਿੱਚ ਕਾਰਜਕਾਰੀ ਇੰਜੀਨੀਅਰ ਗਲਾਡਾ ਰਾਜੇਸ਼ ਮਹਾਜਨ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨੂਰਮਹਿਲ ਰਣਧੀਰ ਸਿੰਘ, ਐਸ.ਡੀ.ਓ. ਗਲਾਡਾ ਜਪਸਿਮਰਨ ਕੌਰ, ਜੇ.ਈ. ਜਲ ਸਪਲਾਈ ਤੇ ਸੀਵਰੇਜ ਮੰਡਲ ਜਲੰਧਰ-2 ਦੀਪਕ ਕੁਮਾਰ ਵੀ ਮੌਜੂਦ ਸਨ।
-----------
---------------
ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ