ਬਟਾਲਾ, 26 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ, ਜਿਸਦੇ ਚੱਲਦਿਆਂ ਬਟਾਲਾ ਦੇ ਪਿੰਡ ਮੂਲਿਆਂਵਾਲ ਤੇ ਸੁਨੱਈਆ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ ਨੇ ਦੱਸਿਆ ਕਿ ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੀਲਡ ਵਿਜਟ ਕਰਦਿਆਂ ਕਿਸਾਨਾਂ ਨੂੰ ਫਸਲ ਦੀ ਰਹਿੰਦੇ ਖੁੰਹਦ ਨਾ ਸਾੜਨ ਦੀ ਅਪੀਲ ਕੀਤੀ ਗਈ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਆਂ ਤਕਨੀਕਾਂ ਅਤੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਹੁੰਦਾ ਹੈ ਬਲਕਿ ਮਿੱਟੀ ਦੀ ਗੁਣਵੱਤਾ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਖੁਸ਼ਹਾਲੀ ਅਤੇ ਸਾਫ਼ ਵਾਤਾਵਰਣ ਲਈ ਨਵੀਨਤਮ ਸੀਆਰਐਮ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਵਿੱਢੀ ਗਈ ਮੁਹਿੰਮ ਵਿੱਚ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਨੇੜਲੇ ਖੇਤੀਬਾੜੀ ਦਫਤਰ ਨਾਲ ਰਾਬਤਾ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ