ਏ. ਡੀ. ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ
ਗੁਰਦਾਸਪੁਰ, 26 ਸਤੰਬਰ (ਹਿੰ. ਸ.)। ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਤੇ ਕਿਸ
I


ਗੁਰਦਾਸਪੁਰ, 26 ਸਤੰਬਰ (ਹਿੰ. ਸ.)। ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾਂ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਧਾਰੀਵਾਲ ਬਲਾਕ ਦੇ ਪਿੰਡ ਸੋਹਲ ਤੇ ਕਲਿਆਣਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਤੇ ਲਾਭਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਹਿਰੀਲੀਆਂ ਗੈਸਾਂ ਨਾਲ ਸਾਡਾ ਵਾਤਾਵਰਨ ਪਲੀਤ ਹੁੰਦਾ ਹੈ ਓਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਜ਼ਹਿਰੀਲਾ ਧੂੰਆਂ ਅੱਗ ਲਗਾਉਣ ਵਾਲੇ ਕਿਸਾਨਾਂ ਅਤੇ ਉਸ ਪਿੰਡ ਨੂੰ ਵੀ ਆਪਣਾ ਮਾਰੂ ਅਸਰ ਕਰਦਾ ਹੈ। ਇਸ ਲਈ ਸਾਨੂੰ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਖੇਤੀ ਮਸ਼ੀਨਰੀ ਰਾਹੀਂ ਅਸਾਨੀ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਖੇਤੀ ਸੰਦ ਉਪਲਬਧ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਕਰਨ ਵਾਲੇ ਖੇਤੀ ਸੰਦਾਂ ਦੀ ਮੈਪਿੰਗ ਕੀਤੀ ਗਈ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਆਦਿ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਪਰਾਲੀ ਪ੍ਰੋਟੈਕਸ਼ਨ ਫੋਰਸ ਦਾ ਗਠਨ ਵੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਨ ਸੀਟੂ ਅਤੇ ਐਕਸ ਸੀਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande