ਚੰਡੀਗੜ੍ਹ, 26 ਸਤੰਬਰ (ਹਿੰ.ਸ.)। ਪੰਜਾਬ ਵਿੱਚ ਆਏ ਹੜ੍ਹ ਦੇ ਮੁੱਦੇ ’ਤੇ ਸਰਕਾਰ ਵੱਲੋਂ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਸੂਬੇ ’ਚ ਹੜ੍ਹ ਕਾਰਨ ਮਰਨ ਵਾਲੇ 59 ਵਿਅਕਤੀਆਂ ਨੂੰ ਵਿਧਾਨ ਸਭਾ ’ਚ ਸ਼ਰਧਾਂਜਲੀ ਭੇਟ ਕੀਤੀ ਗਈ।
ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਭ ਤੋਂ ਪਹਿਲਾਂ ਪਿਛਲੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਜਨ ਪ੍ਰਤੀਨਿਧੀਆਂ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਨ ਸਭ ਾ’ਚ ਪੰਜਾਬੀ ਫਿਲਮ ਅਦਾਕਾਰ ਅਤੇ ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ, ਪੰਜਾਬ ਦੇ ਪ੍ਰਸਿੱਧ ਸੰਗੀਤਕਾਰ ਚਰਨਜੀਤ ਆਹੂਜਾ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਤੋਂ ਇਲਾਵਾ ਵਿਧਾਨ ਸਭਾ ’ਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੂਵੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂ ਪ੍ਰਤਾਪ ਸਿੰਘ ਮਨਕੋਟੀਆ, ਸ਼ਹੀਦ ਦਲਜੀਤ ਸਿੰਘ, ਸ਼ਹੀਦ ਰਿੰਕੂ ਸਿੰਘ, ਸ਼ਹੀਦ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਸਿਪਾਹੀ ਹਰਮਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਸਦਨ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ