ਬਟਾਲਾ, 26 ਸਤੰਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਬਟਾਲਾ ਹਲਕੇ ਦੇ ਪਿੰਡ ਡੁੱਡੀਪੁਰ, ਬਲਾਕ ਧਾਰੀਵਾਲ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਨਸਭਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ ਗਈ।
ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ਉੱਪਰ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨੂੰ ਮੁੜ ਨਵਾਂ ਜੀਵਨ ਦੇਣ ਦੇ ਮੰਤਵ ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਲਈ ਸਾਰੇ ਲੋਕ ਇਸ ਨਾਮੁਰਾਦ ਬਿਮਾਰੀ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ।
ਉਨ੍ਹਾਂ ਕਿਹਾ ਕਿ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਸਫ਼ਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ