ਜਲੰਧਰ , 27 ਸਤੰਬਰ (ਹਿੰ. ਸ.)| ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਹਾਲ ਹੀ ਵਿੱਚ ਮਾਨਸੂਨ ਸੀਜ਼ਨ ਦੌਰਾਨ ਲਗਾਤਾਰ ਬਾਰਿਸ਼ ਕਾਰਨ ਨੁਕਸਾਨੀਆਂ ਸੜਕਾਂ ਦਾ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ਵਿੱਚ ਨੁਕਸਾਨੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਮੁਰੰਮਤ ਲਈ ਸਮੇਂ ਸਿਰ ਢੁੱਕਵੇਂ ਉਪਾਅ ਕੀਤੇ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਨਗਰ ਨਿਗਮ ਜਲੰਧਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਯਾਤਰੀਆਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਵਾਲੇ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨੁਕਸਾਨੀਆਂ ਸੜਕਾਂ ਕਾਰਨ ਲੋਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੰਮਾ ਪਿੰਡ-ਜੰਡੂ ਸਿੰਘਾ ਸੜਕੀ ਪ੍ਰਾਜੈਕਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸੜਕ ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਡਾ. ਅਗਰਵਾਲ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖੇਤਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਬਹੁਤ ਮਹੱਤਵਪੂਰਣ ਹੈ ਅਤੇ ਇਸ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਸੜਕੀ ਬੁਨਿਆਦੀ ਢਾਂਚੇ ਨੂੰ ਤੇਜ਼ੀ ਨਾਲ ਬਹਾਲ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਰੋਸਾ ਦਿੱਤਾ ਕਿ ਸਾਰੀਆਂ ਮੁਰੰਮਤ ਅਤੇ ਨਿਰਮਾਣ ਗਤੀਵਿਧੀਆਂ ਦੀ ਪ੍ਰਗਤੀ 'ਤੇ ਨਜ਼ਰ ਰੱਖਣ ਲਈ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ।
---------------
ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ