ਹੁਸ਼ਿਆਰਪੁਰ, 27 ਸਤੰਬਰ (ਹਿੰ. ਸ.)। ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਲਗਾਤਾਰ ਪ੍ਰਸ਼ਾਸਨ ਨੂੰ ਸਹਿਯੋਗ ਰਹੀਆਂ ਹਨ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਕੰਗ ਮਾਈ ਦੇ ਮੁੱਖ ਸੇਵਾਦਾਰ ਮਹੰਤ ਵਰਿੰਦਰ ਸਿੰਘ ਸਿੱਧੂ ਅਤੇ ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗ ਮਾਈ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਾਂਝੇ ਤੌਰ 1 ਲੱਖ ਰੁਪਏ ਦਾ ਚੈੱਕ ਐਸ. ਡੀ. ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੂੰ ਸੌਂਪਿਆ।ਇਸ ਮੌਕੇ ਐਸ. ਡੀ. ਐਮ. ਗੁਰਸਿਮਰਨਜੀਤ ਕੌਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਮਾਜ ਦੇ ਹਰ ਵਰਗ ਤੋਂ ਮਿਲ ਰਿਹਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਲੋੜਵੰਦਾਂ ਨੂੰ ਰਾਹਤ ਸਮੱਗਰੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਐਸ.ਡੀ.ਐਮ ਨੇ ਕਿਹਾ ਕਿ ਇਹ ਰਕਮ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਰਾਹੀਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਜ਼ਰੂਰਤਾਂ 'ਤੇ ਖ਼ਰਚ ਕੀਤੀ ਜਾਵੇਗੀ। ਐਸ.ਡੀ.ਐਮ ਨੇ ਉਮੀਦ ਪ੍ਰਗਟਾਈ ਕਿ ਇਸ ਕੰਮ ਵਿੱਚ ਹੋਰ ਸੰਸਥਾਵਾਂ ਅਤੇ ਸਮਾਜ ਸੇਵਕ ਅੱਗੇ ਆਉਣਗੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦੀ ਹੀ ਆਮ ਜ਼ਿੰਦਗੀ ਜਿਉਣ ਵਿੱਚ ਮਦਦ ਕੀਤੀ ਜਾ ਸਕੇ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਮਹੰਤ ਵਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਰੰਪਰਾ ਹਮੇਸ਼ਾ ਮਨੁੱਖਤਾ ਦੀ ਸੇਵਾ ਕਰਨ ਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਜਾਰੀ ਰਹੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ