ਨਯਾਗਾਓਂ (ਖਰੜ), 27 ਸਤੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਵਿਧਾਨ ਸਭਾ ਹਲਕਾ ਖਰੜ ਦੇ ਨਯਾਗਾਓਂ ਵਿਖੇ ਬਣਾਏ ਜਾ ਰਹੇ 18.50 ਐਮਐਲਡੀ ਸਮਰੱਥਾ ਵਾਲੇ ਆਧੁਨਿਕ ਸੀਵਰੇਜ ਟਰੀਟਮੈਂਟ ਪਲਾਂਟ ਅਤੇ 4600 ਮੀਟਰ ਨਵੀਆਂ ਸੀਵਰੇਜ ਲਾਈਨਾਂ ਦੇ ਪ੍ਰੋਜੈਕਟ ਦਾ ਅੱਜ ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਬੋਰਡ ਦੇ ਅਧਿਕਾਰੀਆਂ ਚੀਫ਼ ਇੰਨ ਇੰਜੀਨੀਅਰ, ਐਕਸੀਅਨ, ਜੇਈ, ਐਸਡੀਓ ਅਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਲਿਆ।
ਇਹ ਪ੍ਰੋਜੈਕਟ 35 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਨਯਾਗਾਓਂ ਅਤੇ ਇਸ ਦੇ ਨਾਲ ਲਗਦੇ ਪਿੰਡਾਂ ਨਾਡਾ, ਕਰੋਰਾਂ ਅਤੇ ਕਾਂਸਲ ਦੇ ਹਜ਼ਾਰਾਂ ਵਸਨੀਕਾਂ ਨੂੰ ਸਾਫ–ਸੁਥਰਾ ਵਾਤਾਵਰਣ, ਵਧੀਆ ਸਿਹਤ ਸਹੂਲਤਾਂ ਅਤੇ ਵਿਕਾਸ ਦੀ ਨਵੀਂ ਰਫ਼ਤਾਰ ਪ੍ਰਾਪਤ ਹੋਵੇਗੀ। ਇਸ ਮੌਕੇ ਡਾ. ਆਹਲੂਵਾਲੀਆ ਨੇ ਅਧਿਕਾਰੀਆਂ ਨੂੰ ਇਸ ਸਾਰੇ ਪ੍ਰੋਜੈਕਟ ਨੂੰ ਛੇਤੀ ਤੋਂ ਛੇਤੀ ਉੱਚ ਮਿਆਰਾਂ ਨਾਲ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਛੇਤੀ ਤੋਂ ਛੇਤੀ ਇਥੋਂ ਦੇ ਵਸਨੀਕਾਂ ਨੂੰ ਦਿੱਤਾ ਜਾ ਸਕੇ।
ਡਾ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨੀਆਂ ਅਤੇ ਉਨ੍ਹਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਲੋਕਾਂ ਨੂੰ ਸਾਫ਼ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਸਹੂਲਤਾਂ ਦੀ ਲੋੜ ਹੈ, ਸਰਕਾਰ ਉਸਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਏਗਾ, ਬਲਕਿ ਇਲਾਕੇ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਕੋਨੇ ਵਿੱਚ ਬੁਨਿਆਦੀ ਢਾਂਚਾ ਅਤੇ ਜਨਹਿਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸਿਹਤਮੰਦ ਜੀਵਨ, ਸਾਫ਼ ਵਾਤਾਵਰਣ ਅਤੇ ਆਧੁਨਿਕ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ।
ਡਾ. ਆਹਲੂਵਾਲੀਆ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਖੇਤਰ ਦੇ ਲੋਕਾਂ ਲਈ ਹੋਰ ਪ੍ਰੋਜੈਕਟਾਂ ਦੀ ਯੋਜਨਾ ਵੀ ਤਿਆਰ ਕਰ ਰਹੀ ਹੈ, ਜਿਵੇਂ ਕਿ ਪੀਣ ਵਾਲੇ ਪਾਣੀ ਦੀਆਂ ਨਵੀਆਂ ਯੋਜਨਾਵਾਂ, ਸੜਕਾਂ ਦੇ ਸੁਧਾਰ ਅਤੇ ਸਿੱਖਿਆ–ਸਿਹਤ ਖੇਤਰ ਵਿੱਚ ਹੋਰ ਵਿਕਾਸ।
ਇਸ ਮੌਕੇ ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਜੈਕਟ ਖੇਤਰ ਦੀ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਮਾਨ ਦੀ ਅਗਵਾਈ ਹੇਠ ਖਰੜ ਹਲਕਾ ਅਤੇ ਸਮੁੱਚਾ ਪੰਜਾਬ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ