ਅੰਮ੍ਰਿਤਸਰ, 28 ਸਤੰਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ ਵੱਖ ਸੂਬਿਆਂ ਅੰਦਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਇਸੇ ਤਹਿਤ ਬਾਬਾ ਬਲਕਾਰ ਸਿੰਘ ਪੰਜਗਰਾਈਂ ਵਾਲਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਭਗਤ ਧੰਨਾ ਜੀ ਉਦੈਕਰਨਪੁਰ, ਪੂਰਨਪੁਰ ਪੀਲੀਭੀਤ ਉਤਰ ਪ੍ਰਦੇਸ ਵਿਖੇ 26, 27 ਤੇ 28 ਸਤੰਬਰ ਨੂੰ ਤਿੰਨ ਦਿਨਾਂ ਗੁਰਮਤਿ ਸਮਾਗਮ ਕੀਤੇ ਗਏ। ਇਨ੍ਹਾਂ ਸਮਾਗਮਾਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ।
ਸਮਾਗਮ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਧਰਮ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੁਨੀਆਂ ਦੇ ਧਰਮ ਇਤਿਹਾਸ ਵਿਚ ਨਵੇਕਲੀ ਹੈ ਕਿਉਂਕਿ ਗੁਰੂ ਸਾਹਿਬ ਨੇ ਜੁ਼ੁਲਮੀ ਹਕੂਮਤ ਨਾਲ ਟਕਰ ਲਈ ਅਤੇ ਦੂਸਰੇ ਦੇ ਧਰਮ ਦੀ ਰੱਖਿਆ ਲਈ ਆਪਾ ਵਾਰਿਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਭਾਈ ਅਜੈਬ ਸਿੰਘ ਅਭਿਆਸੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਾਜ਼ਰੀ ਲਵਾਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਲਕਾਰ ਸਿੰਘ ਅਤੇ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਸ਼ਤਾਬਦੀ ਸਮਾਗਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸੰਗਤਾਂ ਨੂੰ ਨਵੰਬਰ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਵੀ ਅਪੀਲ ਕੀਤੀ।
ਸਮਾਗਮ ਦੌਰਾਨ ਜਿੱਥੇ ਵੱਖ ਵੱਖ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਉਥੇ ਬਾਬਾ ਬਲਕਾਰ ਸਿੰਘ ਪੰਜਗਰਾਈਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਲਿਟਰੇਚਰ ਵੀ ਭੇਟਾ ਰਹਿਤ ਵੰਡਿਆ ਗਿਆ।
ਇਸ ਮੌਕੇ ਭਾਈ ਸੁਖਵਿੰਦਰ ਸਿੰਘ ਐਮ ਏ ਇੰਚਾਰਜ ਸਿੱਖ ਮਿਸ਼ਨ ਉਤਰਾਖੰਡ, ਭਾਈ ਬਲਬੀਰ ਸਿੰਘ ਅਕਾਲ ਅਕੈਡਮੀ ਗੋਮਤੀ, ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਮਤਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ, ਮੈਬਰ ਭਾਈ ਸੁਖਦੇਵ ਸਿੰਘ, ਭਾਈ ਬਲਜਿੰਦਰ ਸਿੰਘ, ਪ੍ਰਚਾਰਕ ਭਾਈ ਗੁਰਜਿੰਦਰ ਸਿੰਘ, ਭਾਈ ਜਗਰੂਪ ਸਿੰਘ ਸਮੇਤ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਿੱਖ ਮਿਸ਼ਨ ਉਤਰਾਖੰਡ ਕਾਸ਼ੀਪੁਰ ਵੱਲੋਂ ਭੇਟਾ ਰਹਿਤ ਲਿਟਰੇਚਰ ਦਾ ਸਟਾਲ ਲਗਾਇਆ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ