ਖੰਨਾ, 28 ਸਤੰਬਰ (ਹਿੰ. ਸ.)। ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਿਰਵਿਘਨ ਖਰੀਦ ਯਕੀਨੀ ਬਣਾਏ ਜਾਣ ਲਈ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਚੇਅਰਮੈਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਫ਼ਸਲ ਤੈਅ ਸਮੇਂ ਵਿੱਚ ਖਰੀਦੀ ਜਾਵੇ ਤੇ ਨਾਲ-ਨਾਲ ਫ਼ਸਲ ਦੀ ਅਦਾਇਗੀ ਤੇ ਲਿਫਟਿੰਗ ਵੀ ਹੁੰਦੀ ਰਹੇ। ਉਹਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਨੇ ਮਾਰਕੀਟ ਕਮੇਟੀ ਖੰਨਾ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਆਏ ਝੋਨੇ ਦੀ ਸਥਿਤੀ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਹਨਾਂ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਗਏ ਹਨ।ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਵਿੱਚ ਨਮੀ 17 ਫ਼ੀਸਦ ਤੋਂ ਵਧੇਰੇ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਰੀਦ ਕਰਨ ਵਿੱਚ ਅਸਮਰੱਥ ਹੁੰਦੀਆਂ ਹਨ ਅਤੇ ਮੰਡੀਆਂ ਵਿੱਚ ਅਜਿਹੇ ਨਮੀ ਵਾਲੇ ਝੋਨੇ ਦੇ ਭੰਡਾਰ ਲੱਗ ਜਾਂਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਬਹੁਤ ਗੰਭੀਰ ਹੈ। ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਕਈ ਦੁਰਘਟਨਾਵਾਂ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ।ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ 'ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਕਰ ਕੇ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਦਾ ਖਾਤਮਾ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ