ਹੁਸ਼ਿਆਰਪੁਰ, 29 ਸਤੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਯੁਵਕ ਸੇਵਾਵਾਂ ਬੋਰਡ ਅਤੇ ਵੱਖ-ਵੱਖ ਯੁਵਕ ਕਲੱਬਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਆਦਰਸ਼, ਸਮਾਜ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿਰਫ਼ ਵੱਖ-ਵੱਖ ਦਿਵਸਾਂ 'ਤੇ ਹੀ ਨਹੀਂ, ਸਗੋਂ ਨਿਯਮਿਤ ਤੌਰ 'ਤੇ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ।ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅਜਿਹੇ ਕੈਂਪ ਸਿਹਤ ਸਹੂਲਤਾਂ ਨੂੰ ਵੀ ਮਜ਼ਬੂਤ ਕਰਦੇ ਹਨ। ਪ੍ਰਬੰਧਕਾਂ ਅਤੇ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਹ ਭਾਵਨਾ ਸਮਾਜ ਸੇਵਾ ਦੀ ਅਸਲ ਤਸਵੀਰ ਪੇਸ਼ ਕਰਦੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ