ਜਲਾਲਾਬਾਦ, 29 ਸਤੰਬਰ (ਹਿੰ. ਸ.)। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀ ਜਾਗਰੂਕਤਾ ਵੈਨ ਨੂੰ ਐਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਜਾਗਰੂਕਤਾ ਵੈਨ ਬਲਾਕ ਅਧੀਨ ਆਉਂਦੇ ਪਿੰਡਾਂ ਵਿਚ ਪ੍ਰਚਾਰ ਕਰੇਗੀ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰੇਗੀ।
ਐਸ.ਡੀ.ਐਮ. ਨੇ ਕਿਹਾ ਕਿ ਜਾਗਰੂਕਤਾ ਵੈਨਾ ਚਲਾਉਣ ਦਾ ਮਕਸਦ ਕਿਸਾਨ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜ਼ੋ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿਚ ਹੀ ਜਜਬ ਕਰਨ ਅਤੇ ਵਾਤਾਵਰਣ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਡੀਓ ਸੰਦੇਸ਼ ਤਿਆਰ ਕੀਤਾ ਗਿਆ ਜ਼ੋ ਕਿ ਚੱਲਦਾ ਰਹੇਗਾ ਅਤੇ ਵੈਨ ਚਲਦੇ ਹੋਏ ਇਹ ਸੰਦੇਸ਼ ਕਿਸਾਨਾਂ ਤੱਕ ਪਹੁੰਚਾਏਗੀ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸੰਭਾਲ ਕੀਤੀ ਜਾਵੇ ਅਤੇ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਖੇਤੀਬਾੜੀ ਸੰਦਾ ਰਾਹੀਂ ਇਸਨੂੰ ਜਮੀਨ ਵਿਚ ਵਹਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ਧੂੰਆਂ ਹੋਣ ਨਾਲ ਜਿਥੇ ਬਿਮਾਰੀਆਂ ਪੈਦਾ ਹੁੰਦੀਆਂ ਹਨ ਉਥੇ ਕਈ ਵਾਰ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਬਣਨ ਤੇ ਆਪਣੀ ਆਉਣ ਵਾਲੀ ਪੀੜੀ ਲਈ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ