ਪਟਿਆਲਾ, 30 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 47 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 49960 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 47186 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 20754 ਮੀਟਰਿਕ ਟਨ, ਮਾਰਕਫੈਡ ਵੱਲੋਂ 9567 ਮੀਟਰਿਕ ਟਨ, ਪਨਸਪ ਵੱਲੋਂ 10141 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6724 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ, ਤਾਂ ਜੋ ਮੰਡੀ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ