ਸੰਗਰੂਰ, 30 ਸਤੰਬਰ (ਹਿੰ. ਸ.)। ਜ਼ਿਲ੍ਹਾ ਸੰਗਰੂਰ ਵਿੱਚ ਫਿੱਟ ਇੰਡੀਆ ਮੂਵਮੈਂਟ ਹੇਠ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਮੂਹ ਆਂਗਨਵਾੜੀ ਤੇ ਆਸ਼ਾ ਵਰਕਰਾਂ ਨੇ ਸਾਈਕਲ ਚਲਾ ਕੇ ਲੋਕਾਂ ਨੂੰ ਤੰਦਰੁਸਤ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ, ਨੋਡਲ ਅਫਸਰ ਰਜਤ ਕੁਮਾਰ, ਸਪੋਰਟਸ ਅਥਾਰਟੀ ਆਫ ਇੰਡੀਆ ਦੇ ਮੈਂਬਰ ਅਤੇ ਵਾਲੀਬਾਲ ਕੋਚ ਯਾਦਵਿੰਦਰ ਸਿੰਘ ਨੇ ਹਾਜ਼ਰੀ ਭਰੀ ਅਤੇ ਆਂਗਨਵਾੜੀ ਤੇ ਆਸ਼ਾ ਵਰਕਰਾਂ ਨੂੰ ਹੌਸਲਾ ਅਫ਼ਜ਼ਾਈ ਕੀਤੀ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਹ ਰਾਸ਼ਟਰੀ ਮੁਹਿੰਮ ਇਸਤਰੀ ਅਤੇ ਬਾਲ ਵਿਕਾਸ ਮੰਤਰਾਲਾ ਅਤੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਪੂਰੇ ਦੇਸ਼ ਵਿੱਚ ਮਨਾਈ ਗਈ। ਇਸਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਮੋਟਾਪੇ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਕਸਰਤ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਸੀ।
ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੇ ਸਾਈਕਲ ਰੈਲੀ ਵਿੱਚ ਸਰਗਰਮ ਤੌਰ 'ਤੇ ਸ਼ਿਰਕਤ ਕਰਕੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਸਾਈਕਲ ਚਲਾਉਣਾ ਤੰਦਰੁਸਤ ਰਹਿਣ ਦਾ ਇੱਕ ਸੌਖਾ, ਸਸਤਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ