ਸੰਗਰੂਰ, 30 ਸਤੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ, ਸੰਗਰੂਰ ਵੱਲੋਂ ਪਰਾਲੀ ਨੂੰ ਨਾ ਸਾੜਨ ਅਤੇ ਪਰਾਲੀ ਦੇ ਉਚਿਤ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਯਕੀਨੀ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਪੂਰੇ ਜ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ। ਪਿੰਡ ਪੱਧਰ ਉਤੇ ਕੈਂਪਾਂ ਰਾਹੀਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਰੀ ਨੂੰ ਵਰਤਣ ਲਈ ਵੀ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਕਰ ਦਿੱਤਾ ਗਿਆ ਹੈ। ਜਿਸ ਦਾ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਨੇ ਕੀਤਾ।
ਡਿਪਟੀ ਕਮਿਸ਼ਨਰ ਚਾਬਾ ਨੇ ਦੱਸਿਆ ਕਿ ਪਰਾਲੀ ਸਾੜਨ ਦੀ ਸੂਚਨਾ ਮਿਲਣ ਉਤੇ ਲਾਈਨ ਵਿਭਾਗਾਂ ਅਤੇ ਆਮ ਲੋਕਾਂ ਨਾਲ ਸਹੀ ਤਾਲਮੇਲ ਲਈ ਇਹ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਧਰਾਤਲ ਮੰਜ਼ਿਲ ਸਥਿਤ ਸਹਾਇਕ ਕਮਿਸ਼ਨਰ (ਜਨਰਲ) ਦੇ ਦਫ਼ਤਰ (ਕਮਰਾ ਨੰਬਰ 18) ਵਿਖੇ ਬਣਾਇਆ ਗਿਆ ਹੈ। ਕੰਟਰੋਲ ਰੂਮ ਦਾ ਨੰਬਰ 01672-234196 ਹੈ, ਜਿਹੜਾ ਕਿ ਰੋਜ਼ਾਨਾ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 8 ਵਜੇ ਤੱਕ ਕਾਰਜਸ਼ੀਲ ਰਹੇਗਾ। ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਬਾਰੇ ਕੰਟਰੋਲ ਰੂਮ ਨੰਬਰ ਉਤੇ ਸੂਚਿਤ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਲਈ ਰੋਹਿਤ ਸਿੰਗਲਾ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸੰਗਰੂਰ ਨੂੰ ਨੋਡਲ ਅਧਿਕਾਰੀ ਲਾਇਆ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ