ਕਿਸਾਨ ਵੀਰ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ: ਏ. ਡੀ. ਸੀ.
ਬਟਾਲਾ, 30 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਕੀਤੇ ਆਦੇਸ਼ਾਂ ''ਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਮਨੋਹਰਪੁਰਾ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲ਼ੀ ਨੂੰ ਸਾੜਨ ਨਾਲ ਹੋਣ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ''ਤੇ ਸ਼ਿ
.


ਬਟਾਲਾ, 30 ਸਤੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਕੀਤੇ ਆਦੇਸ਼ਾਂ 'ਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਮਨੋਹਰਪੁਰਾ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲ਼ੀ ਨੂੰ ਸਾੜਨ ਨਾਲ ਹੋਣ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਡਾਕਟਰ ਹਰਜਿੰਦਰ ਸਿੰਘ ਬੇਦੀ ਨੇ ਕਿਸਾਨਾਂ ਨੁੰ ਕਿਹਾ ਕਿ ਝੋਨੇ ਦੀ ਫ਼ਸਲ ਦੀ ਸਾਂਭ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਉਪਲਬਧ ਕਰਵਾਈ ਜਾਵੇਗੀ ਤਾਂ ਜੋਂ ਕਿਸੇ ਵੀ ਕਿਸਾਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣੀ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕਰਦਿਆਂ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਸਿਰਫ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਕਰਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜਦੋਂ ਕੰਬਾਇਨਾਂ ਝੋਨੇ ਦੀ 24 ਘੰਟੇ ਕੰਮ ਕਰਦੀਆਂ ਹਨ ਤਾਂ ਰਾਤ ਵੇਲੇ ਤਰੇਲ ਪੈਣ ਕਾਰਨ ਝੋਨਾ ਗਿੱਲਾ ਕੱਟਿਆ ਜਾਂਦਾ ਹੈ, ਜਿਸ ਦਾ ਉਸਦੀ ਕੁਆਲਟੀ ਉੱਪਰ ਮਾੜਾ ਅਸਰ ਪੈਂਦਾ ਹੈ। ਹਰਾ ਤੇ ਗਿੱਲਾ ਝੋਨਾ ਸੁੱਕਣ `ਤੇ ਕਾਲਾ ਪੈ ਜਾਂਦਾ ਹੈ ਜਿਸ ਨਾਲ ਝੋਨੇ ਦੀ ਕੁਆਲਟੀ ਘੱਟ ਜਾਂਦੀ ਹੈ। ਖਰੀਦ ਏਜੰਸੀਆਂ ਵੀ ਘਟੀਆ ਕੁਆਲਟੀ ਵਾਲੇ ਝੋਨੇ ਦੀ ਖਰੀਦ ਨਹੀਂ ਕਰ ਪਾਉਂਦੀਆਂ ਜਿਸ ਕਾਰਨ ਦੇਸ਼ ਦੇ ਉਤਪਾਦਨ ਉੱਪਰ ਮਾੜਾ ਅਸਰ ਪੈਂਦਾ ਹੈ। ਗਿੱਲੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਕਿਸਾਨਾਂ ਨੇ ਆਪੋ ਆਪਣੀਆਂ ਸਮੱਸਿਆਂਵਾਂ ਬਾਰੇ ਵੀ ਦੱਸਿਆ, ਜਿਸਨੂੰ ਸੁਣਕੇ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਹੋਏ ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਤੇ ਲਾਭਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਹਿਰੀਲੀਆਂ ਗੈਸਾਂ ਨਾਲ ਸਾਡਾ ਵਾਤਾਵਰਨ ਪਲੀਤ ਹੁੰਦਾ ਹੈ ਓਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਜ਼ਹਿਰੀਲਾ ਧੂੰਆਂ ਅੱਗ ਲਗਾਉਣ ਵਾਲੇ ਕਿਸਾਨਾਂ ਅਤੇ ਉਸ ਪਿੰਡ ਨੂੰ ਵੀ ਆਪਣਾ ਮਾਰੂ ਅਸਰ ਕਰਦਾ ਹੈ। ਇਸ ਲਈ ਸਾਨੂੰ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ।ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਖੇਤੀ ਮਸ਼ੀਨਰੀ ਰਾਹੀਂ ਅਸਾਨੀ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਖੇਤੀ ਸੰਦ ਉਪਲਬਧ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਕਰਨ ਵਾਲੇ ਖੇਤੀ ਸੰਦਾਂ ਦੀ ਮੈਪਿੰਗ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande