ਫਾਜ਼ਿਲਕਾ 30 ਸਤੰਬਰ (ਹਿੰ. ਸ.)। ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਐੱਸ.ਡੀ.ਐੱਮ ਫਾਜ਼ਿਲਕਾ ਵੀਰਵਾਲ ਕੌਰ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਪੁਲਿਸ ਅਤੇ ਆਰਟੀਏ ਵਿਭਾਗ ਨੂੰ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰਲੋਡ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ।
ਐੱਸ.ਡੀ.ਐਮ ਵੀਰਪਾਲ ਕੌਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਫਾਜ਼ਿਲਕਾ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰੇ ਤੇ ਸਕੂਲ ਵੈਨਾਂ ਦੇ ਡਰਾਈਵਰਾਂ ਦੇ ਰੈਗੂਲਰ ਟੈਸਟ ਕਰਵਾਏ ਜਾਣ ਅਤੇ ਇਸ ਸਬੰਧੀ ਰਿਕਾਰਡ ਵੀ ਮੇਨਟੇਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਹੀਕਲਾਂ ਦੇ ਡਰਾਈਵਰ ਫਿੱਟ ਹੋਣ, ਸਾਰੇ ਪਰੂਫ ਪੂਰੇ ਹੋਣ, ਸਕੂਲੀ ਵਹੀਕਲਾਂ ਦੀਆਂ ਸੀਟਾਂ ਟੁੱਟੀਆਂ ਨਾ ਹੋਣ, ਓਵਰਲੋਡ ਨਾ ਹੋਣ ਤੇ ਮਿਆਦ ਪੁੱਗ ਚੁੱਕੇ ਵਹੀਕਲਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਏ ਜਾਣਗੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਥੋੜ੍ਹੀ ਜਿਹੀ ਲਾਪ੍ਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਾਨੂੰ ਟ੍ਰੈਫਿਕ ਨਿਯਮਾਂ ਨੂੰ ਅਖੋਂ-ਪਰੋਖੇ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਇੰਚਾਰਜ ਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਲਗਾਤਾਰ ਸਕੂਲੀ ਵਾਹਨਾਂ ਦੀਆਂ ਚੈਕਿੰਗਾਂ ਕੀਤੀ ਜਾਣ। ਉਨ੍ਹਾਂ ਇਹ ਵੀ ਸੜਕਾਂ ਤੇ ਦੁਕਾਨਾਂ ਦੇ ਬਾਹਰ ਪਏ ਸਮਾਨ ਨੂੰ ਦੁਕਾਨਾਂ ਵਿੱਚ ਹੀ ਰੱਖਿਆ ਜਾਵੇ ਕਿਉਂਕਿ ਇਸ ਨਾਲ ਸੜਕੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ।
ਉਨ੍ਹਾਂ ਟਰੈਫਿਕ ਵਿਭਾਗ ਦੇ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਯਤਨਸ਼ੀਲ ਰਹਿਣ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਵਾ ਸਕੂਲਾਂ ਵਿੱਚ ਬੱਚਿਆਂ ਨੂੰ ਸਵੇਰ ਦੀ ਸਭਾ ਦੌਰਾਨ 10 ਕੁ ਮਿੰਟ ਟ੍ਰੈਫਿਕ ਨਿਯਮਾਂ ਬਾਰੇ ਸਮਝਾਇਆ ਜਾਵੇ ਜਾਂ ਫਿਰ ਸਕੂਲਾਂ ਵਿੱਚ ਸੈਮੀਨਾਰ/ਜਾਗਰੂਕਤਾਂ ਕੈਂਪ ਲਗਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਵਾਹਨ ਦੀ ਸਪੀਡ ਘੱਟ ਰੱਖਣ, ਵਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ, ਰੈਡ ਲਾਈਟ ਸਮੇਂ ਰੁਕਣਾ, 18 ਸਾਲ ਦੀ ਉਮਰ ਤੋਂ ਬਾਅਦ ਹੀ ਵਹੀਕਲ ਦੀ ਵਰਤੋਂ ਤੇ ਲਾਇਸੰਸ ਬਣਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅਗੇ ਕਿਹਾ ਕਿ ਸੜਕਾਂ 'ਤੇ ਆਵਾਰਾ ਪਸ਼ੂਆਂ ਦੇ ਹੋਣ ਕਰਕੇ ਵੀ ਹਾਦਸੇ ਹੋ ਜਾਂਦੇ ਹਨ, ਇਸ 'ਤੇ ਵੀ ਠੱਲ੍ਹ ਪਾਈ ਜਾਵੇ, ਸੜਕਾਂ 'ਤੇ ਸਾਈਨ ਬੋਰਡ ਲੱਗੇ ਹੋਣ ਨੂੰ ਯਕੀਨੀ ਬਣਾਇਆ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ