ਪਰਾਲੀ ਦੀ ਖੇਤ ’ਚ ਹੀ ਸੰਭਾਲ ਕਰਕੇ ਸਮਾਰਟ ਸੀਡਰ ਨਾਲ ਬੀਜੀ ਕਣਕ
ਪਿੰਡ ਭੜ੍ਹੋ/ਸੰਗਰੂਰ, 12 ਜਨਵਰੀ (ਹਿੰ. ਸ.)। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕਰਕੇ ਸਮਾਰਟ ਸੀਡਰ ਨਾਲ ਬੀਜੀ ਕਣਕ ਤੇ ਪਿੰਡ ਭੜ੍ਹੋ ਵਿਖੇ ਖੇਤ ਦਿਵਸ ਮਨਾਇਆ।
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕਰਕੇ ਸਮਾਰਟ ਸੀਡਰ ਨਾਲ ਬੀਜੀ ਕਣਕ ਦਾ ਜਾਇਜਾ ਲੈਣ ਮੌਕੇ ਅਧਿਕਾਰੀ,


ਪਿੰਡ ਭੜ੍ਹੋ/ਸੰਗਰੂਰ, 12 ਜਨਵਰੀ (ਹਿੰ. ਸ.)। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕਰਕੇ ਸਮਾਰਟ ਸੀਡਰ ਨਾਲ ਬੀਜੀ ਕਣਕ ਤੇ ਪਿੰਡ ਭੜ੍ਹੋ ਵਿਖੇ ਖੇਤ ਦਿਵਸ ਮਨਾਇਆ। ਇਸ ਮੌਕੇ ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਦੀ ਖੇਤ ਵਿੱਚ ਹੀ ਸੰਭਾਲ ਸਬੰਧੀ ਵੱਖ-ਵੱਖ ਤਰੀਕੇ ਅਤੇ ਇਸਦੀ ਭੂਮੀ ਦੀ ਸਿਹਤ ਸੰਭਾਲ ਵਿੱਚ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਝੋਨੇ ਦੇ ਨਾੜ ਵਿੱਚ ਵੱਡੀ ਮਾਤਰਾ ਵਿੱਚ ਫ਼ਸਲਾਂ ਲਈ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਨਾੜ ਸਾੜਨ ਨਾਲ ਜਿਥੇ ਇਸ ਵਿੱਚੋਂ ਨਾਈਟ੍ਰੋਜਨ ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ 400 ਕਿੱਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫ਼ਾਸਫ਼ੋਰਸ, 25 ਕਿਲੋ ਪੋਟਾਸ਼, 1.2 ਕਿਲੋ ਸਲਫ਼ਰ ਤੱਤ ਨਸ਼ਟ ਹੋ ਜਾਂਦੇ ਹਨ। ਇਸ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਆਦਿ ਨਾਲ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦੇ ਹੋਏ ਪਿੰਡ ਭੜ੍ਹੋ ਦੇ ਅਗਾਂਹ-ਵਧੂ ਕਿਸਾਨ ਜਸਪ੍ਰੀਤ ਸਿੰਘ ਨੇ ਇੱਕ ਏਕੜ ਕਣਕ ਦੀ ਬਿਜਾਈ ਸਮਾਰਟ ਸੀਡਰ ਮਸ਼ੀਨ ਨਾਲ ਕੀਤੀ। ਇਹ ਵਿਧੀ ਅਪਨਾਉਣ ਨਾਲ ਜਿੱਥੇ ਉਸਨੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਉੱਥੇ ਖੁਰਾਕੀ ਤੱਤਾਂ ਦੀ ਵੀ ਘੱਟ ਵਰਤੋਂ ਕੀਤੀ ਗਈ। ਇਸ ਵਿਧੀ ਵਿੱਚ ਨਦੀਨਾਂ ਖਾਸ ਤੌਰ ਤੇ ਗੁੱਲੀ-ਡੰਡੇ ਅਤੇ ਚੌੜੇ ਪੱਤੇ ਵਾਲੇ ਨਦੀਨਾਂ ਦਾ ਹਮਲਾ ਵੀ ਘੱਟ ਦੇਖਣ ਨੂੰ ਮਿਲਿਆ। ਇਸ ਵਿਧੀ ਨਾਲ ਬੀਜੀ ਕਣਕ ਨੂੰ ਦੇਖਣ ਲਈ ਪਿੰਡ ਦੇ ਹੋਰ ਕਿਸਾਨ ਵੀ ਖੇਤ ਦਿਵਸ ਵਿੱਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਵੀ ਅਗਲੇ ਸਾਲ ਇਸ ਵਿਧੀ ਰਾਹੀਂ ਕਣਕ ਬੀਜਣ ਦੀ ਇੱਛਾ ਪ੍ਰਗਟਾਈ।

ਡਾ. ਕੁਮਾਰ ਨੇ ਕਿਸਾਨਾਂ ਨੂੰ ਅਗਲੀ ਫਸਲ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਪਰਖ ਕਰਵਾਉਣ ਲਈ ਪ੍ਰੇਰਿਆ ਅਤੇ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਢੰਗ ਨੂੰ ਵਿਸਥਾਰਪੂਰਵਕ ਸਾਂਝਾ ਕੀਤਾ। ਉਨ੍ਹਾਂ ਕਣਕ ਤੋਂ ਚੰਗਾ ਝਾੜ ਲੈਣ ਲਈ ਅਤੇ ਮੌਸਮੀ ਬਦਲਾਅ ਤੋਂ ਬਚਾਅ ਲਈ ਪੋਟਾਸ਼ੀਅਮ ਨਾਈਟ੍ਰੇਟ ਦੇ 2 ਪ੍ਰਤੀਸ਼ਤ ਦੇ ਛਿੜਕਾਅ ਬਾਰੇ ਵੀ ਜਾਣਕਾਰੀ ਦਿੱਤੀ। ਪਸ਼ੂ ਦੀ ਸਿਹਤ ਸੁਧਾਰ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ, ਬਾਈਪਾਸ ਫੈਟ, ਪ੍ਰੀਮਿਕਸ ਅਤੇ ਖੇਤੀ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਅੰਤ ਵਿੱਚ ਆਏ ਹੋਏ ਸਾਰੇ ਕਿਸਾਨ ਵੀਰਾਂ ਨੇ ਜਸਪ੍ਰੀਤ ਸਿੰਘ ਦੀ ਸਮਾਰਟ ਸੀਡਰ ਨਾਲ ਬੀਜੀ ਹੋਈ ਕਣਕ ਵੀ ਦੇਖੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande