
ਫਰੀਦਕੋਟ, 13 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ 26 ਜਨਵਰੀ 2026 ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਗਣਤੰਤਰ ਦਿਵਸ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ, ਤਾਂ ਜੋ ਇਸ ਕੌਮੀ ਤਿਉਹਾਰ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ., ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ., ਸਕਾਊਟਸ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚਪਾਸਟ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਸਮਾਗਮ ਦੀਆਂ ਤਿਆਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ