
ਚੰਡੀਗੜ੍ਹ, 13 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ 2 ਲੱਖ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ 80,000 ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਦੀ ਖੇਤੀ ਵਿੱਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਅਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ਵਿੱਚ ਸਥਾਪਤ ਕੀਤਾ ਜਾ ਸਕਦਾ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ ₹2 ਲੱਖ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਰੁਚੀ ਰੱਖਣ ਵਾਲੇ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗਬਾਨੀ ਅਫਸਰ ਨਾਲ ਸੰਪਰਕ ਕਰਕੇ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨਾਂ ਨੂੰ ਆਧਾਰ ਕਾਰਡ, ਜ਼ਮੀਨ ਸੰਬੰਧੀ ਜਾਣਕਾਰੀ, ਬੈਂਕ ਖਾਤੇ ਦੇ ਵੇਰਵੇ ਅਤੇ ਫ਼ੋਟੋਗ੍ਰਾਫ਼ ਜਮ੍ਹਾਂ ਕਰਵਾਉਣੇ ਹੋਣਗੇ। ਵਿਭਾਗ ਵੱਲੋਂ ਕਿਸਾਨ ਨੂੰ ਤਕਨੀਕੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ