
ਲਹਿਰਾਗਾਗਾ, 14 ਜਨਵਰੀ (ਹਿੰ. ਸ.)।ਲਹਿਰਾਗਾਗਾ ਅਤੇ ਆਸ-ਪਾਸ ਦੇ ਖੇਤਰਾਂ ਦੇ ਵਸਨੀਕਾਂ ਨੂੰ ਬਿਹਤਰ, ਸੁਚੱਜੀਆਂ ਅਤੇ ਪਾਰਦਰਸ਼ੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 19.66 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤੇ ਅਧੁਨਿਕ ਤਹਿਸੀਲ ਕੰਪਲੈਕਸ, ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 04 ਅਕਤੂਬਰ 2025 ਨੂੰ ਰੱਖਿਆ ਗਿਆ ਸੀ ਤੇ ਟੈਂਡਰ ਸਮੇਤ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਉਸਾਰੀ ਦੀ ਇੱਟ ਰੱਖ ਕੇ ਇਸ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ ਲਹਿਰਾਗਾਗਾ ਖੇਤਰ ਦੀ ਪ੍ਰਸ਼ਾਸਕੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਆਵੇਗਾ ਅਤੇ ਆਮ ਲੋਕਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਕਰੀਬ 06 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਤਹਿਸੀਲ ਕੰਪਲੈਕਸ ਦਾ ਕੁੱਲ ਕਵਰਡ ਏਰੀਆ ਲਗਭਗ 52,566 ਵਰਗ ਫੁੱਟ ਹੋਵੇਗਾ ਅਤੇ ਇਹ ਇਮਾਰਤ ਅਧੁਨਿਕ ਨਕਸ਼ੇ ਅਤੇ ਨਵੀਂ ਤਕਨਾਲੋਜੀ ਅਨੁਸਾਰ ਤਿਆਰ ਕੀਤੀ ਜਾਵੇਗੀ। ਇਸ ਪ੍ਰੋਜੈਕਟ ਤਹਿਤ ਸਰਕਾਰੀ ਅਧਿਕਾਰੀਆਂ ਲਈ ਰਿਹਾਇਸ਼ੀ ਇਮਾਰਤਾਂ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜਿਸ ਨਾਲ ਅਧਿਕਾਰੀਆਂ ਦੀ ਉਪਲਬਧਤਾ ਅਤੇ ਸੇਵਾਵਾਂ ਦੀ ਤੀਬਰਤਾ ਵਿੱਚ ਹੋਰ ਵਾਧਾ ਹੋਵੇਗਾ।
ਉਨ੍ਹਾਂ ਨੇ ਦੱਸਿਆ ਕਿ ਤਹਿਸੀਲ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਦਫ਼ਤਰ, ਖਜ਼ਾਨਾ ਦਫ਼ਤਰ, ਲੇਬਰ ਇੰਸਪੈਕਟਰ ਦਫ਼ਤਰ, ਫੂਡ ਸਪਲਾਈ ਦਫ਼ਤਰ, ਸਟਾਫ ਰੂਮ, ਰਿਕਾਰਡ ਰੂਮ, ਉਡੀਕ ਘਰ ਅਤੇ ਹੋਰ ਜ਼ਰੂਰੀ ਪ੍ਰਸ਼ਾਸਕੀ ਤੇ ਜਨਤਕ ਸਹੂਲਤਾਂ ਸ਼ਾਮਲ ਹੋਣਗੀਆਂ। ਇਸ ਨਾਲ ਆਮ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਆਸਾਨੀ ਨਾਲ ਉਪਲਬਧ ਹੋਣਗੀਆਂ ਅਤੇ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਲਹਿਰਾਗਾਗਾ ਨੂੰ ਸਬ ਡਵੀਜ਼ਨ ਦਾ ਦਰਜਾ ਮਿਲਣ ਤੋਂ ਕਰੀਬ 18 ਸਾਲ ਬਾਅਦ ਤਹਿਸੀਲ ਕੰਪਲੈਕਸ ਦਾ ਨਿਰਮਾਣ ਹੋਣਾ ਇਲਾਕੇ ਦੇ ਲੋਕਾਂ ਲਈ ਇੱਕ ਇਤਿਹਾਸਕ ਕਦਮ ਹੈ। ਇਸ ਨਾਲ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਰਹੀ ਹੈ ਅਤੇ ਖੇਤਰ ਦੇ ਪ੍ਰਸ਼ਾਸਕੀ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਉਨ੍ਹਾਂ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਦੀ ਅਧੁਨਿਕਤਾ, ਡਿਜੀਟਲ ਸੇਵਾਵਾਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਸਰਕਾਰ ਦੀ ਪਹਿਲ ਹੈ।
ਕੈਬਨਿਟ ਮੰਤਰੀ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਤਹਿਸੀਲ ਕੰਪਲੈਕਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਅਹੁਦੇਦਾਰ ਅਤੇ ਵਰਕਰਾਂ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ