
ਫਾਜਿਲਕਾ 15 ਜਨਵਰੀ (ਹਿੰ. ਸ.)। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮੈਡਮ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ ਅਤੇ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਫਾਜ਼ਿਲਕਾ ਦੀ ਤਿਮਾਹੀ ਮੀਟਿੰਗ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ।
ਇਸ ਮੀਟਿੰਗ ਵਿੱਚ ਗੁਰਮੀਤ ਸਿੰਘ, ਐੱਸ.ਐੱਸ.ਪੀ., ਫਾਜ਼ਿਲਕਾ ਕੇ.ਕੇ. ਸਿੰਗਲਾ, ਮਾਣਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਸੁਭਾਸ਼ ਚੰਦਰ, ਏ.ਡੀ.ਸੀ. (ਡੀ), ਫਾਜ਼ਿਲਕਾ; ਮੈਡਮ ਹਿਮਾਂਸ਼ੀ ਗਲਹੋਤਰਾ, ਮਾਣਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਾਜ਼ਿਲਕਾ; ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵਜ਼ੀਰ ਕੰਬੋਜ, ਜ਼ਿਲ੍ਹਾ ਅਟਾਰਨੀ, ਫਾਜ਼ਿਲਕਾ ਸੁਤੰਤਰਜੋਤ ਸਿੰਘ ਗਿੱਲ, ਪ੍ਰਧਾਨ, ਬਾਰ ਐਸੋਸੀਏਸ਼ਨ, ਫਾਜ਼ਿਲਕਾ ਅਤੇ ਹੋਰ ਅਧਿਕਾਰੀ ਮੌਜੂਦ ਰਹੇ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦੀ ਪ੍ਰਦਾਨਗੀ, ਲੋਕ ਅਦਾਲਤਾਂ ਦੇ ਆਯੋਜਨ, ਪੈਰਾ ਲੀਗਲ ਵਲੰਟੀਅਰਾਂ ਦੀ ਕਾਰਗੁਜ਼ਾਰੀ, ਜਾਗਰੂਕਤਾ ਪ੍ਰੋਗਰਾਮਾਂ ਅਤੇ ਹੋਰ ਕਾਨੂੰਨੀ ਸੇਵਾਵਾਂ ਨਾਲ ਸੰਬੰਧਿਤ ਵਿਸ਼ਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮਾਣਯੋਗ ਚੇਅਰਮੈਨ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਜ਼ਰੂਰਤਮੰਦ ਅਤੇ ਯੋਗ ਵਿਅਕਤੀਆਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਪਹੁੰਚਾਈ ਜਾਵੇ।
ਅੰਤ ਵਿੱਚ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਅਗਲੀ ਨੈਸ਼ਨਲ ਲੋਕ ਅਦਾਲਤ 14 ਮਾਰਚ 2026 ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ ਵੱਖ-ਵੱਖ ਕਿਸਮ ਦੇ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਲੋਕ ਅਦਾਲਤ ਦਾ ਲਾਭ ਉਠਾ ਕੇ ਆਪਣੇ ਲੰਬਿਤ ਮਾਮਲਿਆਂ ਦਾ ਤੇਜ਼, ਸੁਲਭ ਅਤੇ ਖਰਚਾ ਰਹਿਤ ਨਿਪਟਾਰਾ ਕਰਵਾਉਣ। ਇਸ ਦੇ ਨਾਲ ਹੀ ਜੇ ਕੋਈ ਵੀ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ’ਤੇ ਸੰਪਰਕ ਕਰ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ