
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜਨਵਰੀ (ਹਿੰ. ਸ.)। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 14 ਮਾਰਚ, 2026 ਨੂੰ ਅਗਲੀ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ, ਜਿਸ ਦੌਰਾਨ ਵੱਖ-ਵੱਖ ਕਿਸਮਾਂ ਦੇ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ ਐਲ ਐਸ ਏ), ਐਸ ਏ ਐਸ ਨਗਰ ਦੀ 31.12.2025 ਤੱਕ ਦੀ ਤਿਮਾਹੀ ਦੀ ਸਮੀਖਿਆ ਲਈ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ ਏ ਐਸ ਨਗਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਿੱਤੀ ਗਈ।
ਮੀਟਿੰਗ ਵਿੱਚ ਹਰਦੀਪ ਸਿੰਘ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ–1; ਮਿਸ ਸੁਰਭੀ ਪ੍ਰਸ਼ਾਰ, ਸਕੱਤਰ, ਡੀ ਐਲ ਐਸ ਏ ਐਸ ਏ ਐਸ ਨਗਰ; ਡਾ. ਅੰਕਿਤਾ ਕਾਂਸਲ, ਸਹਾਇਕ ਕਮਿਸ਼ਨਰ (ਜਨਰਲ), ਮੋਹਿਤ ਅੱਗਰਵਾਲ, ਐਸਪੀ (ਹੈੱਡਕੁਆਰਟਰ) ਸਨੇਹਪ੍ਰੀਤ ਸਿੰਘ, ਪ੍ਰਧਾਨ, ਜ਼ਿਲ੍ਹਾ ਬਾਰ ਐਸੋਸੀਏਸ਼ਨ; ਅਤੇ ਰਵੀ ਇੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਜ਼ਰ ਰਹੇ।
ਮੀਟਿੰਗ ਦੌਰਾਨ ਪਿਛਲੇ ਤਿਮਾਹੀ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਗਈ। ਮਿਸ ਸੁਰਭੀ ਪ੍ਰਸ਼ਾਰ, ਸਕੱਤਰ, ਡੀ ਐਲ ਐਸ ਏ, ਐਸ ਏ ਐਸ ਨਗਰ ਨੇ ਦੱਸਿਆ ਕਿ ਵਿਚਾਰ ਅਧੀਨ ਤਿਮਾਹੀ ਦੌਰਾਨ 347 ਕਾਨੂੰਨੀ ਮਦਦ ਦੀ ਮੰਗ ਕਰਨ ਵਾਲਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।
ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀ 14 ਮਾਰਚ ਦੀ ਰਾਸ਼ਟਰੀ ਲੋਕ ਅਦਾਲਤ ਵਿੱਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜੀ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
ਚੇਅਰਪਰਸਨ ਵੱਲੋਂ ਡੀ ਐਲ ਐਸ ਏ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ ਅਤੇ ਲੋਕਾਂ ਤੱਕ ਤੇਜ਼ ਅਤੇ ਪ੍ਰਭਾਵਸ਼ਾਲੀ ਨਿਆਂ ਪਹੁੰਚਾਉਣ ਲਈ ਕਾਨੂੰਨੀ ਸਹਾਇਤਾ ਅਤੇ ਬਦਲਵੀਂ ਝਗੜਾ ਨਿਪਟਾਰਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਗਿਆ।
........................
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ