
ਫਾਜ਼ਿਲਕਾ 15 ਜਨਵਰੀ (ਹਿੰ. ਸ.)। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਹਲਕੇ ਦੇ ਪਿੰਡ ਨਵਾਂ ਸਲੇਮਸ਼ਾਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ। ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ!
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ!
ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕ-ਹਿਤ ਵਿੱਚ ਅਜਿਹੀਆਂ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਤਰਾਂ ਅੱਜ ਫਾਜ਼ਿਲਕਾ ਹਲਕੇ ਦੇ ਪਿੰਡ ਨਵਾਂ ਸਲੇਮਸ਼ਾਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੇ ਜੱਥੇ ਨਾਲ ਬੱਸ ਰਵਾਨਾ ਹੋਈ।
ਵਿਧਾਇਕ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ