
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜਨਵਰੀ (ਹਿੰ. ਸ.)। ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਦੇ ਸਤਿਕਾਰ ਅਤੇ ਉਨ੍ਹਾਂ ਦੀ ਸਹੂਲਤ ਲਈ 16 ਜਨਵਰੀ 2026 ਨੂੰ ਸਵੇਰੇ 10 ਵਜੇ ਕਿਸਾਨ ਵਿਕਾਸ ਚੈਂਬਰ, (ਕਾਲਕਟ ਭਵਨ) ਏਅਰਪੋਰਟ ਚੌਂਕ, ਐੱਸ.ਏ.ਐੱਸ. ਨਗਰ ਵਿਖੇ ਰਾਜ ਪੱਧਰੀ 'ਸੀਨੀਅਰ ਸਿਟੀਜਨ ਦਿਵਸ' ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਬਲਜੀਤ ਕੌਰ, ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਬਹੁ-ਮੰਤਵੀ ਸੇਵਾ ਕੈਂਪਾਂ ਦੀ ਸ਼ੁਰੂਆਤ ਕਰਵਾਉਣਗੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਗਮ ਦੌਰਾਨ ਬਜ਼ੁਰਗਾਂ ਦੀ ਸਿਹਤ ਸੁਵਿਧਾ ਲਈ ਵੱਖ-ਵੱਖ ਸਿਹਤ ਵਿਭਾਗਾਂ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਮੌਕੇ ਅੱਖਾਂ ਦਾ ਮੁਫ਼ਤ ਮੈਡੀਕਲ ਚੈਕਅਪ ਅਤੇ ਅਪਰੇਸ਼ਨ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਿਹਤ ਨਾਲ ਸਬੰਧਤ ਹੋਰ ਮੁਫ਼ਤ ਚੈਕਅਪ ਕੀਤੇ ਜਾਣਗੇ। ਇਸ ਮੌਕੇ ਆਯੂਰਵੈਦਿਕ, ਹੋਮਿੳਪੈਥਿਕ ਵਿਭਾਗਾਂ ਵੱਲੋਂ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਤੋਂ ਇਲਾਵਾ ਬਜ਼ੁਰਗਾਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਲਈ ਯੋਗਾ ਕੈਂਪ ਵੀ ਲਗਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੈਸ਼ਨਲ ਅਤੇ ਸਟੇਟ ਪੈਨਸ਼ਨ ਸਕੀਮਾਂ ਅਧੀਨ ਬੁਢਾਪਾ ਪੈਨਸ਼ਨ ਸਬੰਧੀ ਮੌਕੇ ਤੇ ਫਾਰਮ ਭਰਵਾਏ ਜਾਣਗੇ, ਤਾਂ ਜੋ ਕੋਈ ਵੀ ਯੋਗ ਬਜ਼ੁਰਗ ਲਾਭ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਦੌਰਾਨ ਅਟਲ ਵਯੋ ਅਭਿਊਦਯ ਯੋਜਨਾ ਅਧੀਨ ਅਲੀਮਕੋ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿੱਥੇ ਲੋੜਵੰਦਾਂ ਨੂੰ ਮੌਕੇ 'ਤੇ ਹੀ ਸਹਾਇਕ ਉਪਕਰਣ ਜਿਵੇਂ ਕਿ ਨਿਗ੍ਹਾ ਵਾਲੀਆਂ ਐਨਕਾਂ, ਸੁਣਨ ਵਾਲੀਆਂ ਮਸ਼ੀਨਾਂ, ਵਾਕਿੰਗ ਏਡਜ਼, ਸਰਵਾਈਕਲ ਕਾਲਰ, ਬੈਲਟਾਂ ਅਤੇ ਵ੍ਹੀਲਚੇਅਰਾਂ ਆਦਿ ਮੁਫ਼ਤ ਵੰਡੀਆਂ ਜਾਣਗੀਆਂ। ਇਨ੍ਹਾਂ ਮੁਫਤ ਸੇਵਾਵਾਂ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਆਧਾਰ ਕਾਰਡ ਅਤੇ ਆਮਦਨ ਸਰਟੀਫਿਕੇਟ ਦੇਣਾ ਲਾਜ਼ਮੀ ਹੋਵੇਗਾ, ਜਿਸ ਵਿੱਚ ਪ੍ਰਤੀ ਮਹੀਨਾ 15000 ਤੋਂ ਵੱਧ ਆਮਦਨ ਨਹੀ ਹੋਣੀ ਚਾਹੀਦੀ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਅਤੇ 'ਸੀਨੀਅਰ ਸਿਟੀਜ਼ਨ ਹੋਮਜ਼' ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਜਾਗਰੂਕਤਾ ਡੈਸਕ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਨੂੰ ਜਾਗਰੂਕ ਕਰਨ ਲਈ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਵੱਲੋਂ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ ਰਾਹੀਂ 'ਸੀਨੀਅਰ ਸਿਟੀਜਨ ਐਕਟ 2007' ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇਗੀ। ਸਮਾਗਮ ਨੂੰ ਮਨੋਰੰਜਕ ਅਤੇ ਸਿੱਖਿਆਦਾਇਕ ਬਣਾਉਣ ਲਈ ਵਿਸ਼ੇਸ਼ ਨੁੱਕੜ ਨਾਟਕ ਵੀ ਖੇਡੇ ਜਾਣਗੇ, ਜੋ ਬਜ਼ੁਰਗਾਂ ਦੇ ਜੀਵਨ ਅਤੇ ਉਨ੍ਹਾਂ ਦੇ ਅਧਿਕਾਰਾਂ 'ਤੇ ਅਧਾਰਿਤ ਹੋਣਗੇ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਐੱਸ.ਏ.ਐੱਸ. ਨਗਰ ਸ਼੍ਰੀਮਤੀ ਜਸਵੀਰ ਕੌਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਦਾ ਮਕਸਦ ਬਜ਼ੁਰਗਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸਿਹਤ ਅਤੇ ਸਮਾਜਿਕ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਸਮੂਹ ਸੀਨੀਅਰ ਸਿਟੀਜ਼ਨਜ਼ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ