ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 16 ਜਨਵਰੀ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਦਾ ਦ੍ਰਿਸ਼।


ਅੰਮ੍ਰਿਤਸਰ, 16 ਜਨਵਰੀ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖਿਲਾਫ਼ ਸਖ਼ਤ ਕਾਰਵਾਈ ਦਾ ਫੈਸਲਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਆਮ ਆਦਮੀ ਪਾਰਟੀ ਦੀ ਆਗੂ ਵੱਲੋਂ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ 6 ਵਿਦਿਆਰਥੀਆਂ ਵੱਲੋਂ ਪੀਸੀਐਸ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਅਤੇ ਨਿਸ਼ਚੈ ਅਕੈਡਮੀ ਆਫ ਜੂਡੀਸ਼ੀਅਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਦੀ ਇੱਕ ਵਿਦਿਆਰਥਣ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਾਅ ਅਫ਼ਸਰ ਦੀ ਪ੍ਰੀਖਿਆ ਪਾਸ ਕਰਨ ਦੀ ਵੀ ਪ੍ਰਸ਼ੰਸਾ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਰਿਹਾ ਹੈ ਕਿ ਸਿੱਖ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਕੇ ਉੱਚ ਅਹੁਦਿਆਂ ’ਤੇ ਪਹੁੰਚਣ, ਤਾਂ ਜੋ ਉਹ ਗੁਰੂ ਬਖ਼ਸ਼ਿਸ਼ ਸਿਧਾਂਤਾਂ ਅਨੁਸਾਰ ਸਮਾਜ ਦੀ ਭਲਾਈ ਲਈ ਕਾਰਜ ਕਰ ਸਕਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿਚ ਇਕ ਨੌਜੁਆਨ ਵੱਲੋਂ ਮਰਯਾਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਪਾਵਨ ਮਰਯਾਦਾ ਹੈ ਅਤੇ ਇਸ ਮਰਯਾਦਾ ਦੇ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਸਮੇਂ ਇਥੋਂ ਦੀ ਪਾਵਨ ਮਰਯਾਦਾ ਦਾ ਧਿਆਨ ਰੱਖਿਆ ਜਾਵੇ। ਅੰਤ੍ਰਿੰਗ ਕਮੇਟੀ ਵੱਲੋਂ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਰੁਟੀਨ ਅਨੁਸਾਰ ਮਾਮਲਿਆਂ ਨੂੰ ਵਿਚਾਰਿਆ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande