
ਜ਼ੀਰਕਪੁਰ, 16 ਜਨਵਰੀ (ਹਿੰ. ਸ.)। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 21 ਵਿੱਚ ਵੀਆਈਪੀ ਰੋਡ ਤੋਂ ਸਨਰਾਈਜ਼ ਸੁਸਾਇਟੀ, ਪਿੰਡ ਲੋਹਗੜ੍ਹ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕੰਮ ਦੀ ਅਧਿਕਾਰਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।
ਇਹ ਸੜਕ ਲਗਭਗ 49.21 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਸੜਕ ਨਿਰਮਾਣ ਦੇ ਨਾਲ-ਨਾਲ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਲਈ ਵੀ ਉਚਿਤ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਮੀਂਹ ਦੇ ਮੌਸਮ ਦੌਰਾਨ ਪਾਣੀ ਭਰਨ ਅਤੇ ਆਵਾਜਾਈ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਲੋਕਾਂ ਨੂੰ ਸਥਾਈ ਰਾਹਤ ਮਿਲ ਸਕੇ।
ਜ਼ਿਕਰਯੋਗ ਹੈ ਕਿ ਇਸ ਸੜਕ ਦੀ ਮੰਗ ਲੰਬੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਦੀ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰੋਜੈਕਟ ਵੀ ਉਸੇ ਸੋਚ ਦਾ ਪ੍ਰਤੀਕ ਹੈ, ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਵੱਲ ਇੱਕ ਮਜ਼ਬੂਤ ਕਦਮ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਟੀਮ, ਪਿੰਡ ਲੋਹਗੜ੍ਹ ਦੇ ਵਾਸੀ ਅਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਮੌਜੂਦ ਰਹੇ। ਸਥਾਨਕ ਨਿਵਾਸੀਆਂ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਮਾਨਯੋਗ ਵਿਧਾਇਕ ਜੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਜਤਾਈ ਗਈ ਕਿ ਭਵਿੱਖ ਵਿੱਚ ਵੀ ਇਲਾਕੇ ਵਿੱਚ ਇਸ ਤਰ੍ਹਾਂ ਦੇ ਹੋਰ ਲੋਕ-ਹਿਤੈਸ਼ੀ ਵਿਕਾਸ ਕੰਮ ਜਾਰੀ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ