
ਦਿੜ੍ਹਬਾ, 17 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਹਲਕੇ ’ਚ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਦਿੜ੍ਹਬਾ ਵਿਖੇ ਕਰੀਬ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਇਸ ਕਮਿਊਨਿਟੀ ਹਾਲ ਦਾ 50 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ ਤੇ ਰਹਿੰਦਾ ਕੰਮ ਬਹੁਤ ਜਲਦ ਮੁਕੰਮਲ ਕਰਵਾਇਆ ਜਾਵੇਗਾ। ਇਸ ਦੀ ਸਮਰੱਥਾ ਕਰੀਬ 400 ਵਿਅਕਤੀਆਂ ਦੀ ਹੈ।
ਇਹ ਗੱਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰੋਜੈਕਟ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਆਖੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿੜ੍ਹਬਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਤੇ ਗਰੀਬ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਖੁਸ਼ੀ-ਗਮੀ ਦੇ ਸਮਾਗਮ ਕਰਨ ਲਈ ਕੋਈ ਹਾਲ ਬਣਾਇਆ ਜਾਵੇ, ਜਿਸ ਦੇ ਮੱਦੇਨਜ਼ਰ ਇਹ ਹਾਲ ਦਾ ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਹੋਵੇਗਾ, ਖਾਸਕਰ ਕੇ ਗ਼ਰੀਬ ਤੇ ਮੱਧਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ।
ਚੀਮਾ ਨੇ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਜਦੋਂ ਆਪਣੇ ਸਮਾਗਮ ਕਰਜ਼ਾ ਚੁੱਕ ਕੇ ਮਹਿੰਗੇ ਪੈਲੇਸਾਂ ਵਿੱਚ ਕਰਦੇ ਹਨ ਤਾਂ ਕਰਜ਼ੇ ਦੇ ਬੋਝ ਹੇਠ ਦੱਬੇ ਜਾਂਦੇ ਹਨ ਤੇ ਕਈ-ਕਈ ਸਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੁੰਦੀਆਂ ਪਰ ਇਹ ਕਮਿਊਨਿਟੀ ਹਾਲ ਲੋਕਾਂ ਲਈ ਸਹਾਈ ਸਿੱਧ ਹੋਵੇਗਾ ਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਪਿੰਡਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਉਹ ਤਨਦੇਹੀ ਨਾਲ ਕੰਮ ਕਰਦੇ ਹੋਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਆਪਣੀ ਨਿਗਰਾਨੀ ਹੇਠ ਪੂਰਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ, ਖੇਡ ਗਲੀਆਂ, ਟੋਭਿਆਂ ਦੀ ਸਫਾਈ, ਪਿੰਡਾਂ ਦੇ ਸਕੂਲਾਂ ਦੀ ਕਾਇਆ ਕਲਪ, ਮੰਡੀਆਂ ਦੀ ਅਪਗ੍ਰੇਡੇਸ਼ਨ, ਆਦਿ ਕੋਈ ਵੀ ਅਜਿਹਾ ਪੱਖ ਨਹੀਂ ਹੈ, ਜਿਸ ਸਬੰਧੀ ਵਿਕਾਸ ਕਾਰਜ ਨਾ ਹੋਏ ਹੋਣ ਜਾਂ ਵਿਕਾਸ ਕਾਰਜ ਨਾ ਚੱਲ ਰਹੇ ਹੋਣ। ਹਲਕਾ ਦਿੜ੍ਹਬਾ ਸੂਬੇ ਭਰ ਵਿੱਚ ਮਿਸਾਲ ਬਣ ਕੇ ਉੱਭਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ