
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜਨਵਰੀ (ਹਿੰ. ਸ.)। 77ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਹੋਣ ਵਾਲੇ ਸਮਾਗਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਲੈਂਦਿਆਂ ਏ ਡੀ ਸੀ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ ਤਾਂ ਜੋ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸ਼ਾਨੋ-ਸ਼ੌਕਤ ਅਤੇ ਸੁਚੱਜੇ ਢੰਗ ਨਾਲ ਮਨਾਇਆ ਜਾ ਸਕੇ।
ਉਨ੍ਹਾਂ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਾਊਂਡ ਅਤੇ ਉਸਦੇ ਆਲੇ-ਦੁਆਲੇ ਪੂਰੀ ਤਰ੍ਹਾਂ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ (ਪੀ ਡਬਲਿਊ ਡੀ) ਨੂੰ ਸਟੇਡੀਅਮ ਅਤੇ ਸਟੇਜ ਦੀ ਢੰਗ ਨਾਲ ਸੰਭਾਲ ਅਤੇ ਮੁਰੰਮਤ ਕਰਨ ਲਈ ਕਿਹਾ ਗਿਆ।
ਏ ਡੀ ਸੀ ਨੇ ਸਿਹਤ ਵਿਭਾਗ ਨੂੰ 21 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਰਿਹਰਸਲਾਂ ਦੌਰਾਨ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਪੁਲਿਸ ਵਿਭਾਗ ਨੂੰ ਮਾਰਚ ਪਾਸਟ ਦੀ ਪੂਰੀ ਤਿਆਰੀ ਕਰਨ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਰੱਖਣ ਲਈ ਕਿਹਾ ਗਿਆ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਹਰ ਪੱਖੋਂ ਸੱਭਿਆਚਾਰਕ ਅਤੇ ਦੇਸ਼ਭਗਤੀ ਭਰਪੂਰ ਸੱਭਿਆਚਾਰਕ ਕਾਰਜਕ੍ਰਮ ਤਿਆਰ ਕਰਨ ਦੀ ਹਦਾਇਤ ਦਿੱਤੀ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਨੂੰ ਰਾਜ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਫਲੈਗਸ਼ਿਪ ਸਕੀਮਾਂ ਨੂੰ ਦਰਸਾਉਂਦੇ ਝਾਂਕੀਆਂ ਤਿਆਰ ਕਰਨ ਲਈ ਕਿਹਾ ਗਿਆ।
ਗਣਤੰਤਰ ਦਿਵਸ ਸਮਾਰੋਹ ਦੌਰਾਨ ਮਾਰਚ ਪਾਸਟ, ਵਿਭਾਗੀ ਝਾਂਕੀਆਂ, ਯੋਗਾ ਪ੍ਰਦਰਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ