
ਅਜਨਾਲਾ (ਅੰਮ੍ਰਿਤਸਰ), 19 ਜਨਵਰੀ (ਹਿੰ. ਸ.)।
ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ ਲੁੱਟਿ, ਸੂਬੇ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਭਾਈਵਾਲੀ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਮ ਸਤਿਕਾਰਯੋਗ ਸ਼ਖਸੀਅਤ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ 'ਤੇ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਹਰ ਸੰਭਵ ਸਹੂਲਤ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰੇਗੀ, ਉੱਥੇ ਹਰ ਪੰਜਾਬੀ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਵੀ ਓਨਾ ਹੀ ਮਹੱਤਵਪੂਰਨ ਹੈ ਤਾਂ ਜੋ ਪੰਜਾਬ ਨੂੰ ‘ਰੰਗਲਾ ਪੰਜਾਬ’ ਵਿੱਚ ਬਦਲਿਆ ਜਾ ਸਕੇ ਤਾਂ ਕਿ ਸਾਡੇ ਬੱਚੇ ਚੰਗੇ ਭਵਿੱਖ ਦੀ ਭਾਲ ਵਿੱਚ ਦੇਸ਼ ਛੱਡਣ ਲਈ ਮਜਬੂਰ ਨਾ ਹੋਣ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚ ਅੰਦਰੂਨੀ ਖਹਿਬਾਜ਼ੀ ਸਿਖਰ 'ਤੇ ਹੈ ਕਿਉਂਕਿ ਇਨ੍ਹਾਂ ਕੋਲ ਲੋਕਾਂ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ ਹੈ।
ਉਨ੍ਹਾਂ ਕਿਹਾ, ਵਿਰੋਧੀ ਧਿਰ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਹ ਸਿਰਫ਼ ਲੋਕਾਂ ਅਤੇ ਸੂਬੇ ਦੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਬੜੇ ਸਿਆਣੇ ਅਤੇ ਬਹਾਦਰ ਹਨ ਅਤੇ ਉਹ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਨੂੰ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਇਨ੍ਹਾਂ ਵਿਰੋਧੀ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦੇਣਗੇ।
ਲੋਕਾਂ ਨੂੰ ਮੌਕਾਪ੍ਰਸਤ ਅਤੇ ਸੱਤਾ ਦੇ ਭੁੱਖੇ ਸਿਆਸਤਦਾਨਾਂ ਤੋਂ ਚੌਕਸ ਰਹਿਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦਾ ਇੱਕੋ-ਇੱਕ ਉਦੇਸ਼ ਪੰਜਾਬ ਅਤੇ ਇਸ ਦੇ ਲੋਕਾਂ ਦੀ ਲੱਟ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ,ਸਮੇਂ ਦੀ ਲੋੜ ਹੈ ਕਿ ਇਨ੍ਹਾਂ ਪਾਰਟੀਆਂ ਨੂੰ ਬਿਲਕੁਲ ਮੂੰਹ ਨਾ ਲਾਇਆ ਜਾਵੇ ਤਾਂ ਜੋ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੇ ਸਾਕਾਰਤਮਕ ਨਤੀਜੇ ਨਿਕਲ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਵੇਂ ਆਮ ਆਦਮੀ ਕਲੀਨਿਕ, ਸਕੂਲ ਅਤੇ ਕਾਲਜ ਖੋਲ੍ਹਣ ਦੇ ਨਾਲ-ਨਾਲ ਹੋਰ ਲੋਕ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਕੇ ਵਿਕਾਸ ਨੂੰ ਤੇਜ਼ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਸਥਿਤ ਪਿੰਡ ਬਕਰੌਰ ਵਿੱਚ ਇਕ ਕੋ-ਐਜੂਕੇਸ਼ਨਲ ਕਾਲਜ (ਸਹਿ-ਵਿਦਿਅਕ ਕਾਲਜ) ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ,ਇਸ ਕਾਲਜ ਨਾਲ ਸਰਹੱਦੀ ਖੇਤਰ ਦੇ ਨੌਜਵਾਨ ਆਪਣੇ ਘਰਾਂ ਦੇ ਨੇੜੇ ਉੱਚ ਸਿੱਖਿਆ ਪ੍ਰਾਪਤ ਕਰ ਸਕਣਗੇ। 15 ਏਕੜ ਰਕਬੇ ਵਿੱਚ ਇਸ ਸੰਸਥਾ ਨੂੰ ਬਣਾਉਣ 'ਤੇ 15 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਜ਼ਮੀਨ ਦਾਨ ਕਰਨ ਲਈ ਬਕਰੌਰ ਪਿੰਡ ਦੀ ਪੰਚਾਇਤ ਅਤੇ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਨੇੜਲੇ 50 ਪਿੰਡਾਂ ਦੇ ਨੌਜਵਾਨਾਂ ਨੂੰ ਲਾਭ ਹੋਵੇਗਾ ਜਿਸ ਵਿੱਚ ਆਉਣ ਵਾਲੇ ਸਾਲਾਂ ਵਿੱਚ 2000 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਦੀ ਉਮੀਦ ਹੈ। ਇਹ ਸੰਸਥਾ ਆਰਟਸ, ਸਾਇੰਸ, ਕਾਮਰਸ, ਕੰਪਿਊਟਰ ਵਿਗਿਆਨ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਿਜੀਟਲ ਸਿੱਖਿਆ ਦੇ ਕੋਰਸ ਕਰਵਾਏਗੀ, ਜਿਸ ਨਾਲ ਸਰਹੱਦੀ ਪੱਟੀ ਦੇ ਵਿਦਿਆਰਥੀਆਂ ਲਈ ਆਧੁਨਿਕ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕਾਲਜ ਇਸ ਖੇਤਰ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਦੇ ਚੰਗੇ ਭਵਿੱਖ ਲਈ ਅਹਿਮ ਭੂਮਿਕਾ ਨਿਭਾਏਗਾ।
ਇਲਾਕੇ ਦੇ ਨੌਜਵਾਨਾਂ ਦੀਆਂ ਇੱਛਾਵਾਂ ਅਤੇ ਸੁਪਨੇ ਉੱਚੇ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਰੰਤਰ ਸਹਾਇਤਾ ਰਾਹੀਂ ਇਨ੍ਹਾਂ ਸੁਪਨਿਆਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਸਾਡਾ ਧਿਆਨ ਮੌਜੂਦਾ ਅਤੇ ਭਵਿੱਖੀ ਪੀੜ੍ਹੀਆਂ ਦੀ ਭਲਾਈ ਉੱਤੇ ਕੇਂਦਰਿਤ ਹੈ ਤਾਂ ਜੋ ਪੰਜਾਬ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ `ਤੇ ਅੱਗੇ ਵਧ ਸਕੇ। ਸਮਾਜ ਦੇ ਹਰ ਵਰਗ ਦੀ ਭਲਾਈ ਸਾਡਾ ਮੁੱਖ ਉਦੇਸ਼ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਾਲਜ ਲਈ ਜ਼ਮੀਨ ਦਾਨ ਕਰਨ ਵਾਲੇ ਪਿੰਡ ਦੇ ਵਿਦਿਆਰਥੀਆਂ ਨੂੰ ਇਸ ਸੰਸਥਾ ਵਿੱਚ ਮੁਫ਼ਤ ਸਿੱਖਿਆ ਮੁਹੱਈਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਾਲਜ ਦਾ ਨਾਮ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ `ਤੇ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਪਿਆਂ ਨੂੰ ਆਪਣੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਉਹ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣ।
ਪਰਵਾਸ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵਿੱਚੋਂ ਨਿਰਾਸ਼ਾ ਖ਼ਤਮ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਰਿਵਰਸ ਮਾਈਗ੍ਰੇਸ਼ਨ ਵਿੱਚ ਤੇਜ਼ੀ ਆਵੇ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਇਸ ਚੁਣੌਤੀ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸਿਸਟਮ ਨੂੰ ਬਰਬਾਦ ਕਰ ਦਿੱਤਾ, ਜਿਸ ਨਾਲ ਨੌਜਵਾਨਾਂ ਨੂੰ ਦੇਸ਼ ਤੋਂ ਬਾਹਰ ਦੇਖਣ ਲਈ ਮਜਬੂਰ ਹੋਣਾ ਪਿਆ। ਇਹ ਮਾਣ ਵਾਲੀ ਗੱਲ ਹੈ ਕਿ ਸਾਡੀ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ `ਤੇ 63,000 ਤੋਂ ਵੱਧ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਮੁਹੱਈਆ ਕੀਤੀਆਂ ਹਨ।
ਸਰਹੱਦੀ ਵਸਨੀਕਾਂ ਦੀਆਂ ਚਿੰਤਾਵਾਂ `ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਵਸਨੀਕਾਂ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿਉਂਕਿ ਉਹ ਸਹੀ ਮਾਇਨਿਆਂ ਵਿੱਚ ਦੇਸ਼ ਭਗਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਪੱਟੀ ਦੇ ਕਿਸਾਨਾਂ ਲਈ ਵੱਡੀ ਰਾਹਤ ਵਜੋਂ ਕੇਂਦਰ ਸਰਕਾਰ ਨੇ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਲਈ ਸਿਧਾਂਤਕ ਤੌਰ `ਤੇ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ, “ਇਸ ਨਾਲ ਹਜ਼ਾਰਾਂ ਏਕੜ ਖੇਤੀ ਵਾਲੀ ਜ਼ਮੀਨ ਉੱਤੇ ਬਿਨਾਂ ਕਿਸੇ ਰੁਕਾਵਟ ਦੇ ਖੇਤੀ ਕੀਤੀ ਜਾ ਸਕੇਗੀ, ਜੋ ਇਸ ਸਮੇਂ ਕੰਡਿਆਲੀ ਤਾਰ ਤੋਂ ਪਰ੍ਹੇ ਹੈ। ਕਿਸਾਨਾਂ ਨੂੰ ਪਹਿਲਾਂ 532 ਕਿਲੋਮੀਟਰ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਆਪਣੇ ਖੇਤਾਂ ਤੱਕ ਪਹੁੰਚਣ ਲਈ ਬੀ.ਐਸ.ਐਫ. ਦੀ ਸੁਰੱਖਿਆ ਹੇਠ ਕੰਡਿਆਲੀ ਤਾਰ ਪਾਰ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ। ਲਗਾਤਾਰ ਯਤਨਾਂ ਤੋਂ ਬਾਅਦ ਇਸ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ `ਤੇ ਆਖ਼ਰਕਾਰ ਪ੍ਰਗਤੀ ਹੋਈ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਹਾਸਲ ਉਪਲਬਧੀਆਂ `ਤੇ ਚਾਨਣਾ ਪਾਇਆ ਅਤੇ ਕਿਹਾ ਕਿ ਸੂਬਾ ਕੌਮੀ ਪੱਧਰ `ਤੇ ਮੋਹਰੀ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ, “ਇਹ ਆਉਣ ਵਾਲਾ ਪ੍ਰਾਜੈਕਟ ਇਸ ਸਰਹੱਦੀ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲ ਦੇਵੇਗਾ। ਇਹ ਇਕ ਇਤਿਹਾਸਕ ਦਿਨ ਹੈ, ਜੋ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਸੰਭਵ ਹੋਇਆ ਹੈ।
ਇਸ ਦੌਰਾਨ ਸੀਨੀਅਰ ‘ਆਪ` ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਇਸ ਪਹਿਲਕਦਮੀ ਨੂੰ ਸਰਹੱਦੀ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਵੱਲ ਇਕ ਮਾਰਗ-ਦਰਸ਼ਕ ਕਦਮ ਦੱਸਿਆ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਅਜਨਾਲਾ ਵਿੱਚ 70 ਕਿਲੋਮੀਟਰ ਦੇ ਘੇਰੇ ਵਿੱਚ ਕੋਈ ਕਾਲਜ ਨਹੀਂ ਸੀ। ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਅਸੀਂ ਹਰ ਵਾਅਦੇ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਇਹ ਕਾਲਜ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ.ਟੀ.ਓ., ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਪਾਰਟੀ ਆਗੂ ਤੇ ਸਥਾਨਕ ਨੁਮਾਇੰਦੇ ਸ਼ਾਮਲ ਹੋਏ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ