
ਮਾਲੇਰਕੋਟਲਾ, 19 ਜਨਵਰੀ (ਹਿੰ. ਸ.)। ਮਾਲੇਰਕੋਟਲਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ-ਹਿਤੈਸ਼ੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਇੱਕ ਮਹੱਤਵਪੂਰਨ ਮੀਟਿੰਗ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਅਮਰ ਸਿੰਘ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਾਰੀਆਂ ਕੇਂਦਰੀ ਸਕੀਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਦੀਆਂ ਲੋਕ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਹਰ ਹਾਲਤ ਵਿੱਚ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਸਿਰਫ਼ ਲਾਪਰਵਾਹੀ ਜਾਂ ਪ੍ਰਬੰਧਕੀ ਕਮਜ਼ੋਰੀ ਕਾਰਨ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕੰਮਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਪੂਰੀ ਪਾਰਦਰਸ਼ੀ ਅਤੇ ਯੋਗ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਤਹਿ ਸਮੇਂ ਸੀਮਾਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕੰਮਾਂ ਵਿੱਚ ਬੇਵਜ੍ਹਾ ਦੇਰੀ, ਲਾਪਰਵਾਹੀ ਜਾਂ ਗੁਣਵੱਤਾ ਨਾਲ ਸਮਝੌਤਾ ਕਿਸੇ ਵੀ ਕੀਮਤ ’ਤੇ ਨਹੀਂ ਕੀਤਾ ਜਾਵੇਗਾ। ਡਾ. ਅਮਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਉਣ ਵਾਲੇ ਵਿਕਾਸ ਕਾਰਜਾਂ ਲਈ ਨਵੇਂ ਪ੍ਰਪੋਜ਼ਲ ਤਿਆਰ ਕਰਕੇ ਭੇਜਣ ਲਈ ਕਿਹਾ, ਤਾਂ ਜੋ ਸਰਕਾਰ ਤੋਂ ਹੋਰ ਫੰਡ ਪ੍ਰਾਪਤ ਕਰਕੇ ਇਲਾਕੇ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਪੱਧਰ ’ਤੇ ਕੰਮਾਂ ਦੀ ਮੌਕੇ ’ਤੇ ਜਾ ਕੇ ਨਿਗਰਾਨੀ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਵੀ ਸੱਦਾ ਦਿੱਤਾ।
ਮੀਟਿੰਗ ਦੌਰਾਨ ਉਨ੍ਹਾਂ ਸੰਸਦੀ ਖੇਤਰ ਦੇ ਲੋਕਾਂ ਨਾਲ ਸੰਬੰਧਿਤ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਨਿਪਟਾਰੇ ਲਈ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੇਂਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਸਫਲਤਾ ਨਾਲ ਲਾਗੂ ਕਰਨ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਯਤਨ ਨਿਰੰਤਰ ਜਾਰੀ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ