
ਮਾਲੇਰਕੋਟਲਾ, 19 ਜਨਵਰੀ (ਹਿੰ. ਸ.)। ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨਕ ਮੁੱਲਾਂ ਦਾ ਪ੍ਰਤੀਕ ਗਣਤੰਤਰ ਦਿਵਸ 2026 ਨੂੰ ਮਾਲੇਰਕੋਟਲਾ ਜ਼ਿਲ੍ਹਾ ਪੂਰੇ ਉਤਸ਼ਾਹ, ਗੌਰਵ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਇਸ ਮਹਾਨ ਦਿਹਾੜੇ ਨੂੰ ਯਾਦਗਾਰ ਬਣਾਉਣ ਲਈ 26 ਜਨਵਰੀ ਨੂੰ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਸ਼ਾਨਦਾਰ ਆਯੋਜਨ ਕੀਤਾ ਜਾਵੇਗਾ।
ਗਣਤੰਤਰ ਦਿਵਸ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਰਾਸ਼ਟਰੀ ਸਮਾਗਮ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਹੋਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਇਹ ਸਾਡੇ ਸੰਵਿਧਾਨ, ਲੋਕਤੰਤਰ ਅਤੇ ਆਜ਼ਾਦੀ ਦੇ ਮੁੱਲਾਂ ਨੂੰ ਨਮਨ ਕਰਨ ਦਾ ਪਵਿੱਤਰ ਅਵਸਰ ਹੈ। ਇਸ ਲਈ ਸਮਾਗਮ ਦੇ ਹਰ ਪਹਿਲੂ ਨੂੰ ਉੱਚ ਮਿਆਰ, ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਸੰਪੰਨ ਕੀਤਾ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਭਾਗ ਮੁਖੀ ਨਿੱਜੀ ਤੌਰ ’ਤੇ ਇੰਤਜ਼ਾਮਾਂ ਦੀ ਨਿਗਰਾਨੀ ਕਰਨੀ ਯਕੀਨੀ ਬਣਾਉਣਗੇ।
ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਨੂੰ ਸਟੇਡੀਅਮ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਸਫ਼ਾਈ, ਸੁੰਦਰ ਸਜਾਵਟ, ਉਚਿਤ ਰੌਸ਼ਨੀ ਪ੍ਰਬੰਧ, ਆਰਜ਼ੀ ਪਖਾਨੇ, ਨਿਰਵਿਘਨ ਬਿਜਲੀ ਸਪਲਾਈ ਅਤੇ ਸਾਫ਼ ਪੀਣਯੋਗ ਪਾਣੀ ਦੀ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਿਹਤ ਵਿਭਾਗ ਨੂੰ ਸਮਾਗਮ ਅਤੇ ਰਿਹਰਸਲ ਦੌਰਾਨ ਮੈਡੀਕਲ ਟੀਮਾਂ, ਲੋੜੀਂਦੀਆਂ ਦਵਾਈਆਂ ਅਤੇ ਐਂਬੂਲੈਂਸ ਦੀ ਤਾਇਨਾਤੀ ਕਰਨ ਲਈ ਕਿਹਾ ਗਿਆ। ਪੁਲਿਸ ਵਿਭਾਗ ਨੂੰ ਸੁਰੱਖਿਆ, ਟ੍ਰੈਫਿਕ ਨਿਯੰਤਰਣ, ਪਾਰਕਿੰਗ ਅਤੇ ਸ਼ਾਂਤੀਪੂਰਨ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜੋ ਨੌਜਵਾਨ ਪੀੜ੍ਹੀ ਵਿੱਚ ਰਾਸ਼ਟਰ ਪ੍ਰਤੀ ਸਮਰਪਣ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ। ਇਸ ਤੋਂ ਇਲਾਵਾ, ਵੱਖ-ਵੱਖ ਵਿਭਾਗਾਂ ਦੀਆਂ ਉਪਲੱਬਧੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਸਮਾਗਮ ਦੀ ਸ਼ਾਨ ਵਧਾਉਣਗੀਆਂ। ਉਨ੍ਹਾਂ ਸਿੱਖਿਆ ਵਿਭਾਗ ਨੂੰ ਵੱਧ ਤੋਂ ਵੱਧ ਸਕੂਲਾਂ ਅਤੇ ਕਾਲਜਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਵਿਦਿਆਰਥੀਆਂ ਵਿੱਚ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ