
ਲੁਧਿਆਣਾ, 19 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਉਤਸਵ 'ਤੇ ਰਾਜ ਪੱਧਰੀ ਸਮਾਗਮ 23 ਜਨਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਰਾਜ ਪੱਧਰੀ ਸਮਾਗਮ ਦਾ ਆਯੋਜਨ ਸ੍ਰੀ ਭੈਣੀ ਸਾਹਿਬ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਸੂਬਾ ਸਰਕਾਰ ਦੇ ਵੱਖ-ਵੱਖ ਨੁਮਾਇੰਦੇ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੀਆਂ। ਇਸ ਤੋਂ ਇਲਾਵਾ ਦੇਸ਼-ਵਿਦੇਸ਼ ਦੇ ਹਰ ਕੋਨੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਰਾਜ ਪੱਧਰੀ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਸਮੇਂ ਸਿਰ, ਸੁਚੱਜੇ ਅਤੇ ਸ਼ਰਧਾ ਭਾਵਨਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਅਸੁਵਿਧਾ ਨਾ ਪੇਸ਼ ਆਵੇ। ਉਨ੍ਹਾਂ ਕਿਹਾ ਬਿਜਲੀ ਦੀ ਨਿਰਵਿਘਨ ਸਪਲਾਈ, ਪਾਰਕਿੰਗ, ਪੀਣ ਯੋਗ ਪਾਣੀ, ਸਾਫ਼-ਸਫ਼ਾਈ, ਆਰਜ਼ੀ ਪਖਾਨੇ, ਮੈਡੀਕਲ ਟੀਮਾਂ, ਐਂਬੂਲੈਂਸ ਸੇਵਾਵਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਸਮਾਗਮ ਨੂੰ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਨ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਰੂਟ ਪਲਾਨ ਤਿਆਰ ਕੀਤਾ ਜਾਵੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ