
ਮੋਗਾ, 19 ਜਨਵਰੀ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ 2 ਫਰਵਰੀ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਯਾਤਰੀ 23 ਜਨਵਰੀ ਤੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ। ਉਹਨਾਂ ਕਿਹਾ ਕਿ ਹਰੇਕ ਰਜਿਸਟਰਡ ਵਿਅਕਤੀਆਂ ਵਿੱਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ 40 ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਤਿੰਨ ਦਿਨ ਤੇ ਦੋ ਰਾਤਾਂ ਦੀ ਠਹਿਰ ਮੁਹੱਈਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਗਾ ਦੇ ਚਾਰੇ ਵਿਧਾਨ ਸਭਾ ਹਲਕੇ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਤੋਂ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਇਸ ਸਕੀਮ ਅਧੀਨ ਸਾਰੇ ਵਰਗਾਂ, ਧਰਮਾਂ, ਵੱਖ-ਵੱਖ ਆਮਦਨ ਗਰੁੱਪਾਂ ਅਤੇ ਖਿੱਤਿਆਂ ਨਾਲ ਸਬੰਧਤ ਲੋਕ ਯਾਤਰਾ ਉੱਤੇ ਜਾ ਰਹੇ ਹਨ। ਸ਼ਰਧਾਲੂਆਂ ਨੂੰ ਏ.ਸੀ. ਬੱਸਾਂ, ਏ.ਸੀ. ਹੋਟਲਾਂ ਦੀ ਠਹਿਰ ਦੇ ਨਾਲ-ਨਾਲ ਖਾਣਾ ਵੀ ਮੁਹੱਈਆ ਕੀਤਾ ਜਾਵੇਗਾ। ਹਰੇਕ ਬੱਸ ਵਿੱਚ ਯਾਤਰੂਆਂ ਦੀ ਮਦਦ ਲਈ ਇਕ ਸਹਾਇਕ ਵੀ ਹੋਵੇਗਾ।
ਸਾਗਰ ਸੇਤੀਆ ਨੇ ਕਿ ਇਹ ਸਕੀਮ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਦੇ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਲੋਕਾਈ ਨੂੰ ਪਿਆਰ, ਭਾਈਚਾਰਕ ਸਾਂਝ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਦੇਸ਼ ਭਰ ਦੇ ਇਨ੍ਹਾਂ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਿਆ। ਉਨਾ ਕਿਹਾ ਕਿ ਸਰਕਾਰ ਨੇ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਦੀਆਂ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ