
ਬਰਨਾਲਾ, 02 ਜਨਵਰੀ (ਹਿੰ. ਸ.)। ਜ਼ਿਲ੍ਹਾ ਬਰਨਾਲਾ ਵਿੱਚ ਰਾਸ਼ਟਰੀ ਸਾਧਨ ਕਮ ਮੈਰਿਟ ਸਕਾਲਰਸ਼ਿਪ ਯੋਜਨਾ (ਐਨਐਮਐਮਐਸਐਸ) ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (ਪੀਐਸਟੀਐਸਈ) ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪ੍ਰੀਖਿਆ 4 ਜਨਵਰੀ 2026 ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਕਰਵਾਈ ਜਾਵੇਗੀ। ਜਿਸ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਐਨਐਮਐਮਐਸਐਸ ਅਤੇ ਪੀਐਸਟੀਐਸਈ ਜਮਾਤ ਅੱਠਵੀਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ, ਸਕੂਲ ਆਫ਼ ਐਮੀਨੈਂਸ ਬਰਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜਦਕਿ ਪੀਐਸਟੀਐਸਈ ਜਮਾਤ ਦਸਵੀਂ ਲਈ ਗਾਂਧੀ ਆਰੀਆ ਏਡਿਡ ਸਕੂਲ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਅਤੇ ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਹਾਈ ਸਕੂਲ (ਲੜਕੀਆਂ) ਤਪਾ ਵਿਖੇ ਸੈਂਟਰ ਸਥਾਪਿਤ ਕੀਤੇ ਗਏ ਹਨ।
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਵਜ਼ੀਫਾ ਪ੍ਰੀਖਿਆ ਲਈ ਪੁਖ਼ਤਾ ਪ੍ਰਬੰਧਾਂ ਦੇ ਨਾਲ ਨਾਲ ਸੰਬੰਧਿਤ ਸੁਪਰਡੈਂਟ, ਡਿਪਟੀ ਸੁਪਰਡੈਂਟ ਅਤੇ ਨਿਗਰਾਨ ਅਮਲੇ ਦੀਆਂ ਡਿਊਟੀਆਂ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤ ਮੁਤਾਬਕ ਲਗਾਈਆਂ ਜਾ ਚੁੱਕੀਆਂ ਹਨ।
ਉਨਾਂ ਸਕੂਲ ਮੁੱਖੀਆਂ ਨੂੰ ਬੱਚਿਆਂ ਦੇ 100% ਰੋਲ ਨੰਬਰ ਡਾਊਨਲੋਡ ਕਰਨ ਅਤੇ ਪ੍ਰੀਖਿਆ ਵਾਲੇ ਦਿਨ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ