
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਜਨਵਰੀ (ਹਿੰ. ਸ.)। ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਭਾਈਚਾਰੇ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਨ-ਟਾਈਮ ਸੈਟਲਮੈਂਟ (ਓ.ਟੀ.ਐੱਸ.) ਸਕੀਮ–2025 ਨੂੰ 31 ਮਾਰਚ 2026 ਤੱਕ ਵਧਾਉਣ ਦੇ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ ਅਤੇ ਇਸਨੂੰ ਇੱਕ ਬਹੁਤ ਹੀ ਪ੍ਰਗਤੀਸ਼ੀਲ ਅਤੇ ਵਪਾਰੀ-ਹਿਤੈਸ਼ੀ ਕਦਮ ਕਰਾਰ ਦਿੱਤਾ ਹੈ।
ਸੂਬੇ ਭਰ ਦੇ ਵਪਾਰੀਆਂ ਦੀ ਤਰਫ਼ੋਂ ਧੰਨਵਾਦ ਪ੍ਰਗਟ ਕਰਦਿਆਂ, ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਪਾਰੀ ਭਾਈਚਾਰੇ ਨਾਲ ਜੁੜੇ ਲੰਮੇ ਸਮੇਂ ਤੋਂ ਲਟਕੇ ਟੈਕਸ ਸੰਬੰਧੀ ਮਾਮਲਿਆਂ ਨੂੰ ਸੁਲਝਾਉਣ ਲਈ ਸੰਵੇਦਨਸ਼ੀਲ ਅਤੇ ਵਿਆਵਹਾਰਿਕ ਦ੍ਰਿਸ਼ਟੀਕੋਣ ਅਪਣਾਉਣ ਲਈ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਵਪਾਰੀ ਭਾਈਚਾਰੇ ਦੀ ਮੰਗ ਪੰਜਾਬ ਸਰਕਾਰ ਤੱਕ ਪਹੁੰਚਾਈ ਗਈ ਸੀ ਤਾਂ ਜੋ ਵੱਧ ਤੋਂ ਵੱਧ ਵਪਾਰੀ ਵਰਗ ਇਸ ਦਾ ਲਾਭ ਲੈ ਸਕੇ।
ਅਨਿਲ ਠਾਕੁਰ ਨੇ ਕਿਹਾ ਕਿ ਓ.ਟੀ.ਐੱਸ. ਸਕੀਮ ਦੀ ਮਿਆਦ ਵਧਾਉਣਾ ਸੂਬਾ ਸਰਕਾਰ ਦੀ ਉਸ ਡੂੰਘੀ ਸਮਝ ਨੂੰ ਦਰਸਾਉਂਦਾ ਹੈ, ਜਿਸ ਤਹਿਤ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਖ਼ਾਸ ਕਰਕੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਭਾਰੀ ਪਾਲਣਾ (ਕੰਪਲਾਇੰਸ) ਬੋਝ ਅਤੇ ਪ੍ਰਕਿਰਿਆਤਮਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਜੀ.ਐੱਸ.ਟੀ. ਤੋਂ ਪਹਿਲਾਂ ਦੇ ਕਾਨੂੰਨਾਂ, ਜਿਵੇਂ ਕਿ ਵੈਟ ਅਤੇ ਕੇਂਦਰੀ ਵਿਕਰੀ ਕਰ (ਸੀ.ਐੱਸ.ਟੀ.) ਨਾਲ ਜੁੜੇ ਪੁਰਾਣੇ ਵਿਵਾਦਾਂ ਦਾ ਸਾਹਮਣਾ ਕਰ ਰਹੇ ਵਪਾਰਾਂ ਲਈ ਵੱਡੀ ਰਾਹਤ ਵਜੋਂ ਸਾਹਮਣੇ ਆਈ ਹੈ।
ਠਾਕੁਰ ਨੇ ਕਿਹਾ, “ਓ.ਟੀ.ਐੱਸ. ਸਕੀਮ ਨੂੰ 31 ਮਾਰਚ 2026 ਤੱਕ ਵਧਾਉਣ ਦਾ ਫੈਸਲਾ ਪੰਜਾਬ ਸਰਕਾਰ ਦੀ ਵਪਾਰ-ਹਿਤੈਸ਼ੀ ਮਾਹੌਲ ਬਣਾਉਣ ਅਤੇ ਸਵੈੱਛਿਕ ਪਾਲਣਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿਆਜ, ਜੁਰਮਾਨਿਆਂ ਅਤੇ ਯੋਗ ਟੈਕਸ ਰਕਮ ’ਤੇ ਦਿੱਤੀਆਂ ਗਈਆਂ ਵੱਡੀਆਂ ਛੂਟਾਂ ਨਾਲ ਵਪਾਰੀਆਂ ਵਿੱਚ ਭਰੋਸਾ ਵਧਿਆ ਹੈ ਅਤੇ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਬਕਾਇਆ ਮਾਮਲੇ ਨਿਪਟਾਉਣ ਲਈ ਅੱਗੇ ਆਉਣ ਦੀ ਪ੍ਰੇਰਣਾ ਮਿਲੀ ਹੈ।”
ਚੇਅਰਮੈਨ ਨੇ ਅੱਗੇ ਕਿਹਾ ਕਿ ਸਕੀਮ ਅਧੀਨ ਮਿਲੀਆਂ ਅਰਜ਼ੀਆਂ ਦੀ ਵੱਡੀ ਗਿਣਤੀ ਮੌਜੂਦਾ ਸਰਕਾਰ ਦੀਆਂ ਨੀਤੀਆਂ ’ਤੇ ਵਪਾਰੀ ਭਾਈਚਾਰੇ ਦੇ ਭਰੋਸੇ ਨੂੰ ਸਪਸ਼ਟ ਕਰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਮਿਆਦ ਵਧਣ ਨਾਲ ਬਾਕੀ ਯੋਗ ਵਪਾਰੀ ਆਪਣੇ ਟੈਕਸ ਬਕਾਇਆ ਦੀ ਢੁਕਵੀਂ ਸਮੀਖਿਆ ਕਰ ਸਕਣਗੇ ਅਤੇ ਬਿਨਾਂ ਕਿਸੇ ਬੇਵਜ੍ਹਾ ਦਬਾਅ ਦੇ ਇਸ ਇਕਮੁਸ਼ਤ ਮੌਕੇ ਦਾ ਲਾਭ ਉਠਾ ਸਕਣਗੇ।
ਅਨਿਲ ਠਾਕੁਰ ਨੇ ਪੰਜਾਬ ਦੇ ਸਾਰੇ ਵਪਾਰੀਆਂ, ਉਦਯੋਗਪਤੀਆਂ ਅਤੇ ਚਾਵਲ ਮਿੱਲ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਧਾਈ ਗਈ ਮਿਆਦ ਦਾ ਸਮਝਦਾਰੀ ਅਤੇ ਸਦਭਾਵਨਾ ਨਾਲ ਲਾਭ ਉਠਾਉਣ ਅਤੇ ਨਿਰਧਾਰਤ ਸਮੇਂ ਅੰਦਰ ਓ.ਟੀ.ਐੱਸ. ਸਕੀਮ ਅਧੀਨ ਸ਼ਾਮਲ ਹੋਣ। ਉਨ੍ਹਾਂ ਨੇ ਕਿਹਾ, “ਇਹ ਬਕਾਇਆ ਰਕਮਾਂ ਨਿਪਟਾਉਣ, ਭਵਿੱਖੀ ਮੁਕੱਦਮੇਬਾਜ਼ੀ ਤੋਂ ਬਚਣ ਅਤੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਸਾਫ਼ ਤੇ ਸਪੱਸ਼ਟ ਵਹੀ ਨਾਲ ਕਰਨ ਦਾ ਸੁਨਹੀਰੀ ਮੌਕਾ ਹੈ। ਵਪਾਰੀ ਭਾਈਚਾਰੇ ਨੂੰ ਸਰਕਾਰ ਦੀ ਹਾ-ਪੱਖੀ ਨੀਤੀ ਨੂੰ ਸਮੇਂ ਸਿਰ ਭਾਗੀਦਾਰੀ ਅਤੇ ਪਾਲਣਾ ਲਈ ਅਪਣਾਉਣਾ ਚਾਹੀਦਾ ਹੈ।”
ਠਾਕੁਰ ਨੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਪਾਰੀਆਂ ਪ੍ਰਤੀ ਪੂਰੇ ਸਮਰਥਨ ਨੂੰ ਦੁਹਰਾਉਂਦਿਆਂ ਕਿਹਾ ਕਿ ਕਮਿਸ਼ਨ ਸਕੀਮ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਸ ਦੀ ਸੁਚੱਜੀ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ