
ਜਲੰਧਰ, 04 ਜਨਵਰੀ (ਹਿੰ. ਸ.)। ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਹਿਰ ਵਿੱਚ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਮੇਅਰ ਵਿਨੀਤ ਧੀਰ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਮੈਡਮ ਰਾਜਵਿੰਦਰ ਕੌਰ ਥਿਆੜਾ ਸਮੇਤ ਕੈਬਨਿਟ ਮੰਤਰੀ ਨੇ ਕਿਹਾ ਕਿ 21 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਪ੍ਰਾਜੈਕਟ ਤਹਿਤ ਸ਼੍ਰੀ ਗੁਰੂ ਰਵਿਦਾਸ ਚੌਕ ਦੀ ਨੁਹਾਰ ਬਦਲ ਕੇ ਇਸਨੂੰ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ। ਚੌਕ ਦੀ ਧਾਰਮਿਕ ਅਤੇ ਅਧਿਆਤਮਿਕ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਚੌਕ ਲੱਖਾਂ ਸ਼ਰਧਾਲੂਆਂ ਲਈ ਸ਼ਰਧਾ ਦਾ ਕੇਂਦਰ ਹੈ, ਜੋ ਸਤਿਗੁਰੂ ਰਵਿਦਾਸ ਜੀ ਨੂੰ ਨਤਮਸਤਕ ਹੋਣ ਲਈ ਆਉਂਦੇ ਹਨ, ਖਾਸ ਕਰਕੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੈਅ ਸਮੇਂ ਦੇ ਅੰਦਰ ਅਤੇ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਮਾਡਲ ਹਾਊਸ ਖੇਤਰ ਵਿੱਚ ਇੱਕ ਹੋਰ ਵਿਕਾਸ ਪਹਿਲਕਦਮੀ ਦਾ ਨੀਂਹ ਪੱਥਰ ਵੀ ਰੱਖਿਆ, ਜਿੱਥੇ 9 ਲੱਖ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟ ਨਾਲ ਸਥਾਨਕ ਨਿਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਅਤੇ ਖੇਤਰ ਵਿੱਚ ਸੰਪਰਕ ਬਿਹਤਰ ਬਣੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ