
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਜਨਵਰੀ (ਹਿੰ. ਸ.)। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਣ ਤੱਕ ਕਰੀਬ 20,000 ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ।
ਅੱਜ ਇੱਥੇ ਮੋਹਾਲੀ ਵਿਖੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਲਈ ਕਰਵਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਰਾਜ ਦੇ ਕਈ ਇਲਾਕਿਆਂ ਵਿੱਚ ਸਥਿਤ ਨਸ਼ਾ ਮੁਕਤੀ ਕੇਂਦਰਾਂ ਵਿੱਚ ਹੁਣ ਨਵੇਂ ਕੇਸ ਨਹੀਂ ਆ ਰਹੇ, ਜੋ ਇਸ ਮੁਹਿੰਮ ਦੀ ਸਫਲਤਾ ਨੂੰ ਦਰਸਾਉਂਦਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਦੀ ਵੱਡੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਦੌਰਾਨ ਨਸ਼ਾ ਰੋਕਥਾਮ ਦੇ ਨਾਲ-ਨਾਲ ਸੁਧਾਰ ਅਤੇ ਪੁਨਰਵਾਸ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਨੌਜਵਾਨਾਂ ਨੂੰ ਸਮਾਜ ਵਿੱਚ ਰੋਲ ਮਾਡਲ ਵਜੋਂ ਪੇਸ਼ ਕੀਤਾ ਜਾਵੇਗਾ, ਤਾਂ ਜੋ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਪਿੰਡ ਪੱਧਰ ’ਤੇ ਪੰਚਾਇਤਾਂ ਅਤੇ ਸਰਕਾਰੀ ਕਰਮਚਾਰੀਆਂ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਉਹ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸਰਕਾਰ ਦੇ ਸਹਿਯੋਗੀ ਬਣਨ। ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਮੁਹਿੰਮ ਨਹੀਂ, ਸਗੋਂ ਲੋਕ ਅੰਦੋਲਨ ਹੈ, ਜਿਸ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ