
ਪਾਇਲ, ਖੰਨਾ, (ਲੁਧਿਆਣਾ), 05 ਜਨਵਰੀ (ਹਿੰ. ਸ.)। ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਇਕ-ਇਕ ਕਰਕੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ।
ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਬਹੁਤ ਜਲਦ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ ਵਿੱਚ ਹੋਣਗੇ। ਇਸ ਸਿਹਤ ਕਾਰਡ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਲੋਕਾਂ ‘ਤੇ ਪੈਂਦਾ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਵੇਗਾ। ਉਨ੍ਹਾਂ ਕਿਹਾ ਕਿ ਮਹਿੰਗੇ ਇਲਾਜ ਕਾਰਨ ਕਈ ਪਰਿਵਾਰ ਕਰਜ਼ੇ ਹੇਠ ਦਬ ਜਾਂਦੇ ਸਨ, ਪਰ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਹ ਚਿੰਤਾ ਖਤਮ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਸਕੀਮ ਦਾ ਲਾਭ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਮਿਲੇਗਾ। ਬੀਮਾ ਕੰਪਨੀ ਵੱਲੋਂ ਇਸ ਸਬੰਧੀ ਸਾਰੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਹੁਣ ਸਿਰਫ਼ ਆਖਰੀ ਤਿਆਰੀਆਂ ਬਾਕੀ ਹਨ। ਜਿਹੜੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਇਸ ਸਕੀਮ ਤਹਿਤ ਕੀਤਾ ਜਾਣਾ ਹੈ, ਉਹਨਾਂ ਨੂੰ ਸੂਚੀਬੱਧ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਵਧੀਆ ਇਲਾਜ ਮਿਲ ਸਕੇ।
ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ 15 ਜਨਵਰੀ ਤੋਂ ਇਹ ਸਿਹਤ ਬੀਮਾ ਸਕੀਮ ਪੰਜਾਬ ਭਰ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਇਸ ਨਾਲ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਭਲਾਈ ਨੂੰ ਪਹਿਲ ਦੇਣਾ ਹੈ। ਇਹ ਸਕੀਮ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸੋਚ ਅਤੇ ਇਮਾਨਦਾਰ ਨੀਅਤ ਨੂੰ ਦਰਸਾਉਂਦੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ