
ਪੱਟੀ/ਤਰਨਤਾਰਨ, 05 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਕੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਲਈ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਸ਼ਾ ਮੁਕਤ ਮੁਹਿੰਮ ਤਹਿਤ 107.22 ਲੱਖ ਰੁਪਏ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਿਆਪਕ ਜਨ-ਜਾਗਰੂਕਤਾ ਗਤੀਵਿਧੀਆਂ ਲਈ 202.99 ਲੱਖ ਰੁਪਏ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਿਲ੍ਹਆਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ 109.12 ਲੱਖ ਰੁਪਏ ਖਰਚ ਕੀਤੇ ਗਏ ਹਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੀ ਸਭ ਤੋਂ ਵੱਡੀ ਮਾਰ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦੀ ਹੈ। ਕਈ ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਹਰ ਰੋਜ਼ ਦੁਆਵਾਂ ਕਰਦੀਆਂ ਹਨ, ਕਈ ਬੱਚੇ ਆਪਣੇ ਪਿਤਾ ਦੀਆਂ ਅੱਖਾਂ ਵਿੱਚੋਂ ਉਮੀਦ ਮੁੱਕਦੀ ਹੋਈ ਵੇਖਦੇ ਹਨ ਅਤੇ ਕਈ ਘਰਾਂ ਦੀਆਂ ਖੁਸ਼ੀਆਂ ਨਸ਼ਿਆਂ ਦੀ ਭੇਟ ਚੜ੍ਹ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਦਰਦ ਨੂੰ ਡੂੰਘਾਈ ਨਾਲ ਸਮਝਦੀ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਲੜਾਈ ਨੂੰ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦਾ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਤਰੱਕੀ ਅਤੇ ਸਨਮਾਨ ਭਰਿਆ ਜੀਵਨ ਬਤੀਤ ਕਰਦਾ ਹੋਇਆ ਅੱਗੇ ਵਧੇ। ਉਨ੍ਹਾਂ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਵੱਧ-ਚੜ ਕੇ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ