
ਐਸ.ਏ.ਐਸ. ਨਗਰ 05 ਜਨਵਰੀ (ਹਿੰ. ਸ.)। ਪੰਜਾਬ ਮੰਡੀ ਬੋਰਡ, ਮੋਹਾਲੀ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਵਿੱਚ ਅਤੇ ਮੰਡੀ ਬੋਰਡ ਦੀ ਚੜ੍ਹਦੀਕਲਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ। 3 ਜਨਵਰੀ ਤੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੰਜਾਬ ਮੰਡੀ ਬੋਰਡ ਮੁੱਖ ਦਫ਼ਤਰ ਵਿਖੇ ਪਾਏ ਗਏ। ਇਸ ਮੌਕੇ ਭਾਈ ਬਲਵਿੰਦਰ ਸਿੰਘ, ਕਥਾ ਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਸਾਹਿਬ, ਲੁਧਿਆਣਾ ਵੱਲੋਂ ਕਥਾ ਕੀਤੀ ਗਈ। ਭਾਈ ਇੱਛਪਾਲ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਸਾਲ-2026 ਖੁਸ਼ੀਆਂ, ਅਮਨ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਸੂਬੇ ਅਤੇ ਕਿਸਾਨਾਂ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਵਿਖਾਏ ਰਸਤੇ ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ