
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 05 ਜਨਵਰੀ (ਹਿੰ. ਸ.)। ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਰਾਜ ਪੱਧਰੀ ਦੀ ਮੇਜ਼ਬਾਨੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇੱਥੇ ਦਿੱਤੀ। ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਸਫਲ ਆਯੋਜਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਸਮਾਗਮ ਰਾਸ਼ਟਰੀ ਮਹੱਤਤਾ ਦਾ ਹੈ ਅਤੇ ਇਸ ਦਾ ਆਯੋਜਨ ਗੌਰਵਮਈ ਅਤੇ ਸਹਿਯੋਗੀ (ਆਪਸੀ ਤਾਲਮੇਲ) ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ।
ਕੋਮਲ ਮਿੱਤਲ ਨੇ ਕਿਹਾ ਕਿ ਐਸ.ਏ.ਐਸ. ਨਗਰ ਨੂੰ ਇਸ ਅਹਿਮ ਰਾਜ ਪੱਧਰੀ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣਾ ਸੌਭਾਗਾ ਹੈ ਅਤੇ ਸਾਰੇ ਵਿਭਾਗ ਪੂਰੀ ਲਗਨ ਅਤੇ ਸੁਚੱਜੀ ਯੋਜਨਾਬੰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਮੁੱਖ ਚੋਣ ਅਧਿਕਾਰੀ ਵੱਲੋਂ ਐਮਿਟੀ ਯੂਨੀਵਰਸਿਟੀ ਤੋਂ ਇਕ ਬਾਈਕ ਰੈਲੀ ਨੂੰ ਹਰੀ ਝੰਡੀ ਵਿਖਾਈ ਜਾਵੇਗੀ, ਜਿਸ ਉਪਰੰਤ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਮੁੱਖ ਸਮਾਗਮ ਆਯੋਜਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀ ਭਾਸ਼ਣ, ਵਿਸ਼ੇਸ਼ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ, ਵੋਟਰ ਜਾਗਰੂਕਤਾ ‘ਤੇ ਆਧਾਰਿਤ ਨਾਟਕ, ਭੰਗੜਾ ਪ੍ਰਦਰਸ਼ਨ ਤੋਂ ਇਲਾਵਾ ਵੋਟਰ ਰਜਿਸਟ੍ਰੇਸ਼ਨ ਅਤੇ ਚੋਣ ਰਜਿਸਟਰੇਸ਼ਨ ਕਾਰਜਾਂ ਵਿੱਚ ਉੱਤਮ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਰਾਸ਼ਟਰੀ ਵੋਟਰ ਦਿਵਸ ਨੂੰ ਸੁਚੱਜੇ, ਗੌਰਵਮਈ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਕਿਹਾ, ਤਾਂ ਜੋ ਲੋਕਤੰਤਰਿਕ ਭਾਗੀਦਾਰੀ ਅਤੇ ਵੋਟਰ ਜਾਗਰੂਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
.........................
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ